ਬਰਨਾਲਾ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਤੇ ਸੂਬਾ ਪ੍ਰਧਾਨ ਭਗਵੰਤ ਮਾਨ 'ਸਾਡਾ ਐੱਮਪੀ ਸਾਡੇ ਘਰ ਮੁਹਿੰਮ' ਤਹਿਤ ਪਿੰਡ ਦੀਵਾਨਾ ਵਿਖੇ ਪਹੁੰਚੇ। ਉਨ੍ਹਾਂ ਪੰਚਾਇਤ ਘਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਭਗਵੰਤ ਮਾਨ ਨੂੰ ਮੰਗ ਪੱਤਰ ਦਿੱਤੇ।
ਪੱਤਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਨਵਜੋਤ ਸਿੰਘ ਸਿੱਧੂ ਦੀ ਦੋਸਤੀ ਦਾ ਅਹਿਮ ਰੋਲ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਮੌਕੇ ਨਵਜੋਤ ਸਿੱਧੂ ਨੇ ਕਰਤਾਰਪੁਰ ਲਾਂਘੇ ਖੋਲ੍ਹਣ ਦੀ ਗੱਲ ਅੱਗੇ ਤੋਰੀ ਸੀ। ਇਮਰਾਨ ਖਾਨ ਨੇ ਕੋਰੀਡੋਰ ਦੇ ਉਦਘਾਟਨੀ ਸਮਾਗਮ ਮੌਕੇ ਨਵਜੋਤ ਸਿੱਧੂ ਨੂੰ ਬੁਲਾਇਆ ਵੀ ਹੈ, ਜਿਸ ਵਿੱਚ ਸਿੱਧੂ ਨੂੰ ਨਿਮਾਣੇ ਸਿੱਖ ਵਜੋਂ ਜਾਣਾ ਵੀ ਚਾਹੀਦਾ ਹੈ।
ਭਗਵੰਤ ਮਾਨ ਨੇ ਅਕਾਲੀਆਂ 'ਤੇ ਵਿਅੰਗ ਕੱਸਦਿਆਂ ਕਿਹਾ ਕਿ ਇਸ ਲਾਂਘੇ ਦੇ ਖੁੱਲ੍ਹਣ ਲਈ ਸ਼੍ਰੋਮਣੀ ਅਕਾਲੀ ਦਲ ਆਪਣੀ ਪਿੱਠ ਥਾਪੜ ਰਿਹਾ ਹੈ। ਪਰ ਅਕਾਲੀ ਸਰਕਾਰ ਮੋਦੀ ਸਰਕਾਰ ਤੋਂ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਇੱਕ ਪੈਸਾ ਦਾ ਬਜਟ ਵਿੱਚ ਨਹੀਂ ਕਢਵਾ ਸਕੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮਸਲੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਜਿਸ ਵੀ ਵਿਅਕਤੀ ਨੇ ਇਸ ਲਾਂਘੇ ਦੇ ਖੁੱਲ੍ਹਣ ਵਿੱਚ ਯੋਗਦਾਨ ਪਾਇਆ, ਉਸ ਦਾ ਧੰਨਵਾਦ ਕਰਨਾ ਚਾਹੀਦਾ ਹੈ।