ਬਰਨਾਲਾ: ਕੋਰੋਨਾ ਵਾਇਰਸ ਨੂੰ ਲੈ ਕੇ ਚੱਲ ਰਹੇ ਲੌਕਡਾਊਨ ਕਾਰਨ ਜਿੱਥੇ ਲੋਕ ਪਹਿਲਾਂ ਹੀ ਪ੍ਰੇਸ਼ਾਨ ਹਨ, ਉੱਥੇ ਹੀ ਹੁਣ ਵਧ ਰਹੀ ਗਰਮੀ ਨੇ ਲੋਕਾਂ ਦੀ ਸਮੱਸਿਆ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਵਧ ਰਹੀ ਗਰਮੀ ਕਾਰਨ ਤਾਪਮਾਨ 45 ਡਿਗਰੀ ਤੋਂ ਉੱਪਰ ਚਲਾ ਗਿਆ ਹੈ।
ਇਸ ਕਰਕੇ ਬਾਜ਼ਾਰਾਂ ਵਿੱਚ ਰੌਣਕ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ ਤੇ ਦੁਕਾਨਦਾਰ ਗ੍ਰਾਹਕ ਘਟਣ ਕਾਰਨ ਨਿਰਾਸ਼ ਹੋ ਰਹੇ ਹਨ। ਬਰਨਾਲਾ ਦੇ ਦੁਕਾਨਦਾਰਾਂ ਨੇ ਗੱਲਬਾਤ ਕਰਦੇ ਦੱਸਿਆ ਕਿ ਲੋਕਡਾਊਨ ਕਾਰਨ ਜਿੱਥੇ ਪਹਿਲਾਂ ਹੀ ਉਨ੍ਹਾਂ ਦੀਆਂ ਦੁਕਾਨਾਂ ਬੰਦ ਸਨ, ਉੱਥੇ ਹੁਣ ਗਰਮੀ ਵਧਣ ਕਾਰਨ ਗ੍ਰਾਹਕ ਬਾਜ਼ਾਰਾਂ ਵਿੱਚ ਆਉਣ ਤੋਂ ਹੱਟ ਗਏ ਹਨ ਜਿਸ ਕਰਕੇ ਉਨ੍ਹਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਦੁਕਾਨਾਂ ਬੰਦ ਕਰਨ ਦਾ ਸਮਾਂ ਸ਼ਾਮ 7:30 ਵਜੇ ਤੱਕ ਕਰ ਦੇਣਾ ਚਾਹੀਦਾ ਹੈ।