ਬਰਨਾਲਾ: ਪੰਜਾਬ ਵਿੱਚ ਇੱਕ ਪਾਸੇ ਵਿਧਾਨ ਸਭਾ ਚੋਣਾਂ 2022 ਦਾ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਵੱਖ ਵੱਖ ਸਿਆਸੀ ਆਗੂਆਂ ਵੱਲੋਂ ਸੂਬੇ ਚ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਦੂਜੇ ਪਾਸੇ ਬਰਨਾਲਾ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਕੇਂਦਰੀ ਰੇਲ ਮੰਤਰੀ ਪੀਯੂਸ਼ ਗੋਇਲ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਬਰਨਾਲਾ ਦੇ ਆਈਟੀਆਈ ਚੌਂਕ ਚ ਵੱਡੀ ਗਿਣਤੀ ਚ ਵੱਖ ਵੱਖ ਕਿਸਾਨ ਜਥੇਬੰਦੀਆਂ ਨਾਲ ਜੁੜੇ ਹੋਏ ਕਿਸਾਨ, ਔਰਤਾਂ, ਨੌਜਵਾਨ ਇੱਕਠੇ ਹੋਏ। ਜਿਨ੍ਹਾਂ ਵੱਲੋਂ ਆਪਣੇ ਕਾਲੇ ਚੋਲੇ, ਕਾਲੀਆਂ ਪੱਟੀਆਂ ਅਤੇ ਕਾਲੀਆਂ ਝੰਡੀਆਂ ਹੱਥਾਂ ਚ ਫੜੀਆਂ ਹੋਈਆਂ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਸੰਘਰਸ਼ ਮੁਅੱਤਲ ਕਰਨ ਸਮੇਂ ਕੇਂਦਰ ਸਰਕਾਰ ਨੇ ਸਾਡੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ, ਜੋ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਇਨ੍ਹਾਂ ਮੰਗਾਂ ਵਿਚ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦਾ ਇਨਸਾਫ, ਕਿਸਾਨਾਂ ’ਤੇ ਦਰਜ ਹੋਏ ਪਰਚੇ ਰੱਦ ਕਰਨ ਤੋਂ ਇਲਾਵਾ ਐੱਮਐੱਸਪੀ ਦੀ ਗਰੰਟੀ ਸਬੰਧੀ ਕਮੇਟੀ ਬਣਾਉਣ ਦਾ ਮੁੱਦਾ ਸੀ। ਪਰ ਸਰਕਾਰ ਵੱਲੋਂ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤੀਆਂ ਹਨ।
ਕਿਸਾਨ ਆਗੂਆਂ ਨੇ ਇਹ ਵੀ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ’ਚ ਬੀਜੇਪੀ ਆਗੂਆਂ ਦੇ ਆਉਣ ’ਤੇ ਉਨ੍ਹਾਂ ਦੇ ਖਿਲਾਫ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੂੰ ਪਤਾ ਚੱਲਿਆ ਕਿ ਬਰਨਾਲਾ ’ਚ ਕੇਂਦਰੀ ਰੇਲ ਮੰਤਰੀ ਪੀਊਸ਼ ਗੋਇਲ ਆ ਰਹੇ ਹਨ। ਜਿਨ੍ਹਾਂ ਦਾ ਕਿਸਾਨ ਜਥੇਬੰਦੀਆਂ ਸ਼ਾਂਤਮਈ ਦੇ ਤਰੀਕੇ ਨਾਲ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।
ਇਸ ਦੌਰਾਨ ਜਦੋ ਸਾਡੇ ਪੱਤਰਕਾਰ ਨੇ ਕਿਸਾਨਾਂ ਕੋਲ ਸਰਕਾਰ ਬਣਨ ਦੀ ਗੱਲ ਆਖੀ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਚ ਇਸ ਸਮੇਂ ਬੀਜੇਪੀ ਦਾ ਇਨ੍ਹਾਂ ਵਿਰੋਧ ਹੈ ਕਿ ਸਰਕਾਰ ਬਣਨੀ ਤਾਂ ਦੂਰ ਇਨ੍ਹਾਂ ਨੂੰ 10 ਸੀਟਾਂ ਵੀ ਨਹੀਂ ਆਉਣਗੀਆਂ।
ਇਹ ਵੀ ਪੜੋ: ਸੀਐੱਮ ਚੰਨੀ ਨੇ ਪੰਜਾਬ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ, ਵਿਰੋਧੀਆਂ ’ਤੇ ਸਾਧੇ ਨਿਸ਼ਾਨੇ