ਬਰਨਾਲਾ: ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਵੱਖ-ਵੱਖ ਮਜ਼ਦੂਰ ਜੱਥੇਬੰਦੀਆਂ, ਮਹਿਲਾ ਮਜ਼ਦੂਰਾਂ ਨੇ ਡੀਸੀ ਦਫ਼ਤਰ ਅੱਗੇ ਧਰਨਾ ਲਾਇਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਮਜ਼ਦੂਰਾਂ ਨੇ ਕੋਰੋਨਾ ਕਾਲ 'ਚ ਕੰਮਕਾਜ ਠੱਪ ਪੈ ਜਾਣ ਕਾਰਨ ਆਰਥਿਕ ਤੰਗੀ ਬਾਰੇ ਦੱਸਦੇ ਹੋਏ ਸੂਬਾ ਸਰਕਾਰ ਤੋਂ ਆਰਥਿਕ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੌਰਾਨ ਮਜ਼ਦੂਰਾਂ ਦੇ ਰੁਜ਼ਗਾਰ ਖੁੱਸ ਗਏ, ਜਿਸ ਕਰਕੇ ਸਰਕਾਰ ਨੂੰ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨੇ ਚਾਹੀਦੇ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਮਹਿਲਾ ਆਗੂ ਗੁਰਪ੍ਰੀਤ ਕੌਰਨ ਨੇ ਕਿਹਾ ਕੋਰੋਨਾ ਮਹਾਂਮਾਰੀ ਦੇ ਦੌਰਾਨ ਮਜ਼ਦੂਰ ਰੁਜ਼ਗਾਰਤ ਤੋਂ ਵਾਂਝੇ ਹੋ ਗਏ। ਉਨ੍ਹਾਂ ਲਈ ਆਪਣੇ ਪਰਿਵਾਰ ਪਾਲਣਾ ਬੇਹਦ ਮੁਸ਼ਕਲ ਹੋ ਗਿਆ ਹੈ। ਫਾਈਨੈਂਸ ਕੰਪਨੀਆਂ ਵਾਲੇ ਮਜ਼ਦੂਰਾਂ ਦੇ ਘਰਾਂ ਵਿੱਚ ਕਿਸ਼ਤਾਂ ਲੈਣ ਲਈ ਤੰਗ ਪ੍ਰੇਸ਼ਾਨ ਕਰ ਰਹੇ ਹਨ। ਜਦੋਂ ਕਿ ਭਾਰਤੀ ਰਿਜ਼ਰਵ ਬੈਂਕ ਤੇ ਸਰਕਾਰ ਵੱਲੋਂ 31 ਅਗਸਤ ਤੱਕ ਬਕਾਇਦਾ ਕਰਜ਼ਿਆਂ ਦੀ ਰਿਕਵਰੀ ਉੱਤੇ ਰੋਕ ਲਾਈ ਗਈ ਸੀ। ਰੋਕ ਲਾਏ ਜਾਣ ਦੇ ਬਾਵਜੂਦ ਵੀ ਇਹ ਫਾਈਨਾਂਸ ਕੰਪਨੀਆਂ ਵੱਲੋਂ ਮਜ਼ਦੂਰਾਂ ਨੂੰ ਤੰਗ ਕੀਤਾ ਜਾ ਰਿਹਾ ਹੈ।
ਉਨ੍ਹਾਂ ਸਰਕਾਰ ਤੋਂ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦੀ ਮੰਗ ਕੀਤੀ ਹੈ। ਮਹਿਲਾ ਆਗੂ ਚਰਨਜੀਤ ਕੌਰ ਛੀਨੀਵਾਲ ਖੁਰਦ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਸਰਕਾਰ ਅਤੇ ਸਿਆਸੀ ਪਾਰਟੀਆਂ ਨੇ ਉਨ੍ਹਾਂ ਦੀ ਮਦਦ ਤਾਂ ਕੀ ਕਰਨੀ ਸੀ, ਬਲਕਿ ਉਨ੍ਹਾਂ ਨੂੰ ਫੋਨ ਕਰਕੇ ਆਪੋ ਆਪਣੀਆਂ ਪਾਰਟੀਆਂ ਵਿੱਚ ਸ਼ਾਮਲ ਕਰਨ ਲਈ ਤੰਗ ਪ੍ਰੇਸ਼ਾਨ ਤੱਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਦਾ ਪਿੰਡਾਂ ਵਿੱਚ ਆਉਣ ਤੇ ਘਿਰਾਓ ਕੀਤਾ ਜਾਵੇਗਾ।
ਦਿਹਾਤੀ ਮਜ਼ਦੂਰ ਸਭਾ ਦੇ ਭੋਲਾ ਸਿੰਘ ਕਲਾਲਮਾਜਰਾ ਨੇ ਕਿਹਾ ਕਿ ਅੱਜ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤੇ ਬਰਨਾਲਾ ਵਿਖੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਮੰਗ ਛੋਟੇ ਕਿਸਾਨਾਂ ਅਤੇ ਸਮੂਹ ਮਜ਼ਦੂਰਾਂ ਦੇ ਕਰਜ਼ਿਆਂ ਨੂੰ ਮੁਆਫ ਕਰਨ ਦੀ ਹੈ। ਕੋਰੋਨਾ ਦੇ ਦੌਰਾਨ ਮਜ਼ਦੂਰਾਂ ਦੇ ਰੁਜ਼ਗਾਰ ਖੁੱਸ ਗਏ ਹਨ। ਜਿਸ ਕਾਰਨ ਸਰਕਾਰ ਨੂੰ ਮੁੜ ਤੋਂ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕਰਨਗੇ।