ਬਰਨਾਲਾ: ਸ਼ਹਿਰ ਵਿੱਚ ਐਤਵਾਰ ਦੇਰ ਰਾਤ ਸ਼ਰਾਬ ਪੀਣ ਤੋਂ ਰੋਕਣ ’ਤੇ ਇੱਕ ਗੁਆਂਢੀ ਦੀ ਦੂਜੇ ਗੁਆਂਢੀ ਨਾਲ ਝੜਪ ਹੋ ਗਈ, ਜਿਸਦੇ ਚੱਲਦੇ ਸ਼ਰਾਬ ਪੀਣ ਵਾਲੇ ਵਿਅਕਤੀ ਨੇ ਆਪਣੇ ਸਾਥੀਆਂ ਦੇ ਨਾਲ ਸ਼ਰਾਬ ਪੀਣ ਤੋਂ ਰੋਕਣ ਵਾਲੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਹਮਲੇ ਮਗਰੋਂ ਮ੍ਰਿਤਕ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੇ ਦਮ ਤੋੜ ਦਿੱਤਾ। ਇਸ ਕਾਤਲਾਨਾ ਹਮਲੇ ਤੋਂ ਬਾਅਦ ਮ੍ਰਿਤਕ ਦੀ ਦਾਦੀ ਅਤੇ ਭਰਾ ਵੀ ਜ਼ਖ਼ਮੀ ਹਾਲਤ ਵਿੱਚ ਹਸਪਤਾਲ 'ਚ ਦਾਖ਼ਲ ਹਨ।
ਮ੍ਰਿਤਕ ਕਰੀਬ 40 ਸਾਲ ਦਾ ਦੱਸਿਆ ਜਾ ਰਿਹਾ ਹੈ, ਜੋ 2 ਬੱਚਿਆਂ ਦਾ ਪਿਤਾ ਹੈ। ਪਰਿਵਾਰ ਵਾਲਿਆਂ ਦੇ ਬਿਆਨ ਦੇ ਅਧਾਰ 'ਤੇ ਪੁਲਿਸ ਨੇ ਕਾਤਲਾਂ ਦੇ ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਧੀ ਸੰਦੀਪ ਕੌਰ ਨੇ ਦੱਸਿਆ ਕਿ ਉਸ ਦੇ ਪਿਤਾ ਕਾਲਾ ਸਿੰਘ ਨੇ ਬੀਤੀ ਰਾਤ ਇੱਕ ਵਿਅਕਤੀ ਨੂੰ ਸ਼ਰਾਬ ਪੀਣ ਤੋਂ ਰੋਕਿਆ ਸੀ। ਜਿਸ ਤੋਂ ਬਾਅਦ ਗੁੱਸੇ ’ਚ ਆਏ ਸ਼ਰਾਬ ਪੀਣ ਵਾਲੇ ਵਿਅਕਤੀ ਨੇ ਆਪਣੇ ਸਾਥੀਆਂ ਨੂੰ ਨਾਲ ਮਿਲ ਕੇ ਉਸ ਦੇ ਪਿਤਾ ਦਾ ਕਤਲ ਕਰ ਦਿੱਤਾ। ਉਸ ਨੇ ਦੱਸਿਆ ਕਿ ਉਸਦੇ ਪਰਿਵਾਰਕ ਮੈਂਬਰਾਂ ਨੇ ਉੁਸ ਦੇ ਪਿਤਾ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਦੋਸ਼ੀਆਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੇ ਦਾਦਾ ਗੁਰਦੇਵ ਸਿੰਘ ਨੇ ਕਾਲਾ ਸਿੰਘ ਦੇ ਕਾਤਲਾਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ਥਾਣਾ ਸਿਟੀ ਦੇ ਐਸਐਚਓ ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਾਲਾ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਬੀਤੀ ਰਾਤ ਸ਼ਰਾਬ ਪੀਣ ਤੋਂ ਮਨ੍ਹਾ ਕਰਨ ’ਤੇ ਕਾਲਾ ਸਿੰਘ ’ਤੇ ਕੁਝ ਲੋਕਾਂ ਨੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਹੈ। ਕਤਲ ਕਰਨ ਵਿੱਚ 15 ਤੋਂ 20 ਵਿਅਕਤੀ ਸ਼ਾਮਲ ਸਨ ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।