ਬਰਨਾਲਾ: ਬੀਜੇਪੀ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦਾ ਅੱਜ ਬਰਨਾਲਾ ਵਿਖੇ ਪਹੁੰਚਣ ਉੱਤੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਘਿਰਾਓ ਕੀਤਾ ਗਿਆ। ਮਨੋਰੰਜਨ ਕਾਲੀਆ ਅੱਜ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸੈਂਟੀ ਦੇ ਘਰ ਲੀਡਰਾਂ ਨਾਲ ਮੀਟਿੰਗ ਕਰਨ ਪਹੁੰਚੇ ਸਨ। ਪਰ ਕਿਸਾਨਾਂ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾਇਆ ਹੋਇਆ ਹੈ। ਮਨੋਰੰਜਨ ਕਾਲੀਆ ਦੇ ਆਉਣ ਦੀ ਭਿਣਕ ਤੋਂ ਬਾਅਦ ਕਿਸਾਨਾਂ ਵੱਲੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਘਰ ਦੇ ਦੋਵੇਂ ਦਰਵਾਜ਼ਿਆਂ ਅਤੇ ਮਨੋਰੰਜਨ ਕਾਲੀਆ ਦੀ ਗੱਡੀ ਨੂੰ ਘੇਰ ਲਿਆ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਲੀਆ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅੱਜ ਬਰਨਾਲਾ ਜ਼ਿਲ੍ਹੇ ਦੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਗਈ ਹੈ।
ਕਿਸਾਨਾਂ ਵੱਲੋਂ ਘਿਰਾਓ ਕੀਤੇ ਜਾਣ 'ਤੇ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਜਮਹੂਰੀਅਤ ਹੈ। ਹਰ ਇੱਕ ਵਿਅਕਤੀ ਨੂੰ ਆਪਣੀ ਗੱਲ ਕਹਿਣ, ਮਨਵਾਉਣ ਦਾ ਅਤੇ ਸੰਘਰਸ਼ ਕਰਨ ਦਾ ਅਧਿਕਾਰ ਹੈ। ਕਿਸਾਨਾਂ ਵਿੱਚ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਹੈ, ਜੋ ਉਹ ਜ਼ਾਹਿਰ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੀ ਪਾਰਟੀ ਹੈ। ਪੂਰੇ ਦੇਸ਼ ਵਿੱਚ ਲਗਾਤਾਰ ਦੂਜੀ ਵਾਰ ਕਿਸਾਨਾਂ ਦੀਆਂ ਵੋਟਾਂ ਨਾਲ ਹੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣ ਸਕੀ ਹੈ।
ਖੇਤੀ ਕਾਨੂੰਨਾਂ ਨੂੰ ਲੈ ਕੇ ਕਾਲੀਆ ਨੇ ਕਿਹਾ ਕਿ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ। ਕਿਸਾਨਾਂ ਨੂੰ ਐੱਮਐਸਪੀ ਖ਼ਤਮ ਹੋਣ ਦਾ ਖਦਸ਼ਾ ਹੈ, ਪਰ ਇਨ੍ਹਾਂ ਕਾਨੂੰਨਾਂ ਨਾਲ ਐੱਮਐੱਸਪੀ ਤੇ ਮੰਡੀਕਰਨ ਨੂੰ ਕੋਈ ਖ਼ਤਰਾ ਨਹੀਂ ਹੈ।