ਬਰਨਾਲਾ: ਰਾਸ਼ਟਰੀ ਏਕਤਾ ਮੰਚ ਨੇ ਨਾਗਰਿਕਤਾ ਸੋਧ ਐਕਟ ਦੇ ਹੱਕ ਵਿੱਚ ਇੱਕ ਵਿਸ਼ਾਲ ਰੈਲੀ ਅਤੇ ਮਾਰਚ ਕੱਢਿਆ ਗਿਆ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੇ ਮਾਰਚ ਵਿੱਚ ਹਿੱਸਾ ਲਿਆ। ਰੈਲੀ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੇ ਕਿਹਾ ਕਿ ਇਹ ਕਾਨੂੰਨ ਦੇਸ਼ ਦੇ ਹੱਕ ਵਿੱਚ ਹੈ, ਇਸ ਨੂੰ ਲਾਗੂ ਕਰਦਿਆਂ ਕੇਂਦਰ ਸਰਕਾਰ ਨੇ ਸ਼ਾਲਾਘਾਯੋਗ ਕੰਮ ਕੀਤਾ ਹੈ।
ਇਸ ਮਾਰਚ ਦੌਰਾਨ ਸੀਏਏ ਦੇ ਹੱਕ ਵਿੱਚ ਨਾਅਰੇਬਾਜੀ ਕੀਤੀ ਗਈ ਅਤੇ ਇਸ ਨੂੰ ਦੇਸ਼ ਹਿਤੈਸ਼ੀ ਐਕਟ ਕਿਹਾ ਗਿਆ। ਰੈਲੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਇਸ ਕਾਨੂੰਨ ਦੀ ਸ਼ਾਲਾਘਾ ਕੀਤੀ ਅਤੇ ਦੇਸ਼ ਦੇ ਲੋਕਾਂ ਨੂੰ ਇਸ ਕਾਨੂੰਨ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਜੋ ਲੋਕ ਇਸ ਕਾਨੂੰਨ ਦਾ ਵਿਰੋਧ ਕਰਦੇ ਹਨ, ਉਹ ਦੇਸ਼ ਦੀ ਸਰਕਾਰੀ ਜ਼ਾਇਦਾਦ ਦਾ ਨੁਕਸਾਨ ਕਰ ਰਹੇ ਹਨ। ਉਹ ਦੇਸ਼ ਵਿਰੋਧੀ ਹਨ ਅਤੇ ਉਹ ਨਹੀਂ ਚਾਹੁੰਦੇ ਕਿ ਭਾਰਤ ਵਿੱਚ ਘੁਸਪੈਠੀਆਂ ਨੂੰ ਰੋਕਿਆ ਜਾਵੇ। ਇਸ ਮਾਰਚ ਵਿੱਚ ਸ਼ਹਿਰ ਦੇ ਵੱਡੀ ਗਿਣਤੀ ਲੋਕਾਂ ਨੇ ਹਿੱਸਾ ਲਿਆ।
ਇਸ ਸਮੇਂ ਰਾਸ਼ਟਰੀ ਏਕਤਾ ਮੰਚ ਦੇ ਕਨਵੀਨਰ ਨੇ ਕਿਹਾ ਕਿ ਇਹ ਮਾਰਚ ਸਿਰਫ਼ ਨਾਗਰਿਕਤਾ ਸੋਧ ਐਕਟ ਦੇ ਹੱਕ ਵਿੱਚ ਹੈ ਨਾ ਕਿ ਕਿਸੇ ਰਾਜਨੀਤਿਕ ਪਾਰਟੀ ਦੇ ਹੱਕ ਵਿੱਚ। ਉਨ੍ਹਾਂ ਨੇ ਕਿਹਾ ਕਿ ਇਹ ਕਿਸੇ ਧਾਰਮਿਕ ਫ਼ਿਰਕੇ ਦੇ ਵਿਰੁੱਧ ਨਹੀਂ ਹੈ, ਬਲਕਿ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਤੋਂ ਦੁਖ਼ੀ ਹੋ ਕੇ ਭਾਰਤ ਆਏ ਹਿੰਦੂ, ਸਿੱਖ, ਬੋਦੀ, ਪਾਰਸੀ, ਜੈਨੀ ਅਤੇ ਈਸਾਈ ਭਾਈਚਾਰੇ ਦੇ ਸਰਨਾਰਥੀਆਂ ਨੂੰ ਨਾਗਰਿਕਤਾ ਦੇਣ ਲਈ ਹੈ। ਮੰਚ ਦੇ ਮੈਂਬਰਾਂ ਨੇ ਕਿਹਾ ਕਿ ਕੁਝ ਸੁਆਰਥੀ ਤੱਤ ਦੇਸ਼ ਵਿੱਚ ਪੱਥਰਬਾਜ਼ੀ, ਅਗਜ਼ਨੀ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਾਂਤਮਈ ਰੋਸ ਜਾਂ ਸਮਰਥਨ ਕਰਨਾ ਹਰ ਕਿਸੇ ਦਾ ਸੰਵਿਧਾਨਕ ਅਧਿਕਾਰ ਹੈ, ਪਰ ਜਨਤਕ ਜ਼ਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਗੈਰਕਾਨੂੰਨੀ ਹੈ, ਜਿਸ ਨੂੰ ਕਿਸੇ ਵੀ ਸਥਿਤੀ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।