ਬਰਨਾਲਾ: ਸ਼ਹਿਰ ਵਿੱਚ ਲਗਾਤਾਰ ਕਰਫ਼ਿਊ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਵਲੋਂ ਲਾਗੂ ਕਰਵਾਇਆ ਜਾ ਰਿਹਾ ਹੈ। ਇਸ ਤਹਿਤ ਲੋਕਾਂ ਨੂੰ ਲਗਾਤਾਰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਸ ਕਰਫ਼ਿਊ ਦੇ ਕਾਰਨ 22 ਮਾਰਚ ਤੋਂ ਸਿਹਤ ਸਹੂਲਤਾਂ ਲੈਣ ਲਈ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਲਈ ਕੁੱਝ ਰਾਹਤ ਮਿਲੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੁੱਝ ਮੈਡੀਕਲ ਸਟੋਰਾਂ ਨੂੰ 5 ਵਜੇ ਤੋਂ 7 ਵਜੇ ਤੱਕ ਖੋਲ੍ਹਣ ਲਈ ਪਾਸ ਜਾਰੀ ਕੀਤੇ ਗਏ ਹਨ। ਇਸ ਤੋਂ ਬਾਅਦ ਲੋਕ ਇਨ੍ਹਾਂ ਮੈਡੀਕਲ ਸਟੋਰਾਂ 'ਤੇ ਪਹੁੰਚ ਕੇ ਦਵਾਈਆਂ ਲੈ ਰਹੇ ਹਨ।
ਇਨ੍ਹਾਂ ਮੈਡੀਕਲ ਸਟੋਰਾਂ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੋਸ਼ਲ ਮੀਡੀਆ 'ਤੇ ਜਾਰੀ ਕੀਤੀ ਜਾ ਰਹੀ ਹੈ ਤੇ ਮੈਡੀਕਲ ਸਟੋਰਾਂ ਵਾਲਿਆਂ ਦੇ ਨੰਬਰਾਂ 'ਤੇ ਸੰਪਰਕ ਕਰਕੇ ਲੋਕਾਂ ਨੂੰ ਘਰੋਂ ਘਰੀਂ ਦਵਾਈਆਂ ਦੀ ਸਪਲਾਈ ਦਿੱਤੀ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਮੈਡੀਕਲ ਸਟੋਰ ਮਾਲਕਾਂ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਦਵਾਈਆਂ ਦੇਣ ਲਈ ਪਾਸ ਜਾਰੀ ਕੀਤੇ ਗਏ ਹਨ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਲੋਕਾਂ ਨੂੰ ਲਗਾਤਾਰ ਦਵਾਈਆਂ ਦੇਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਵਲੋਂ ਹੋਮ ਡਿਲਵਰੀ ਵੀ ਕੀਤੀ ਜਾ ਰਹੀ ਹੈ ਤੇ ਲੋਕਾਂ ਨੂੰ ਦਵਾਈਆਂ ਪ੍ਰਤੀ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਲੋਕ ਕਈ ਕਈ ਦਿਨਾਂ ਦੀਆਂ ਦਵਾਈਆਂ ਇਕੱਠੀਆਂ ਲਿਜਾ ਰਹੇ ਹਨ। ਉਸ ਕਰਕੇ ਉਨ੍ਹਾਂ ਦੇ ਸਟੋਰਾਂ ਵਿੱਚੋਂ ਵੀ ਦਵਾਈਆਂ ਦੇ ਸਟੌਕ ਖ਼ਤਮ ਹੁੰਦੇ ਜਾ ਰਹੇ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਉਹਨਾਂ ਵਲੋਂ ਅਪੀਲ ਵੀ ਕਰਦੇ ਹਨ ਕਿ ਇਹ ਦਵਾਈਆਂ ਉਹਨਾਂ ਨੂੰ ਅੱਗੇ ਤੋਂ ਸਟੋਰਾਂ ਤੱਕ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣ।