ਬਰਨਾਲਾ: ਆਮ ਆਦਮੀ ਪਾਰਟੀ ਵੱਲੋਂ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਯੂਥ ਵਿੰਗ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮੀਤ ਹੇਅਰ ਦੀ ਇਸ ਨਿਯੁਕਤੀ 'ਤੇ ਬਰਨਾਲਾ ਵਿਖੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਆਪ ਵਿਧਾਇਕ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਆਪਣੀ ਇਸ ਨਿਯੁਕਤੀ ਲਈ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਸ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ।
ਉਨ੍ਹਾਂ ਕਿਹਾ ਕਿ ਉਹ ਸੂਬੇ ਭਰ ਵਿੱਚ ਪਾਰਟੀ ਨੂੰ ਦਿਨ-ਰਾਤ ਇੱਕ ਕਰਕੇ ਮਜ਼ਬੂਤ ਕਰਨਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦਾ ਸੰਘਰਸ਼ਸ਼ੀਲ ਨੌਜਵਾਨ ਹੁਣ ਜਾਗਰੂਕ ਹੈ ਅਤੇ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਨਵਾਂ ਵਿਕਲਪ ਵੇਖ ਰਿਹਾ ਹੈ।
ਆਪ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਰਵਾਇਤੀ ਅਕਾਲੀ, ਭਾਜਪਾ ਅਤੇ ਕਾਂਗਰਸ ਪਾਰਟੀਆਂ ਤੋਂ ਅੱਕਿਆ ਹੋਇਆ ਹੈ ਅਤੇ ਹਰ ਪੱਖ ਬਾਰੇ ਜਾਗਰੂਕ ਹੈ, ਜਿਸ ਕਰਕੇ ਪੰਜਾਬ ਦਾ ਨੌਜਵਾਨ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੇਖਣੀ ਚਾਹੁੰਦਾ ਹੈ। ਇਸ ਵਾਰ 2022 'ਚ ਆਪ ਦੀ ਸਰਕਾਰ ਬਨਾਉਣ ਲਈ ਹਰ ਯਤਨ ਕੀਤੇ ਜਾਣਗੇ।