ਬਰਨਾਲਾ: ਪੰਜਾਬ ਵਿੱਚ ਝੋਨੇ ਦੀ ਪਰਾਲੀ ਪ੍ਰਦੂਸ਼ਨ ਦਾ ਮੁੱਦਾ ਅੱਜ ਦੀ ਬਹੁਤ ਚਰਚਾ ਵਿੱਚ ਹੈ। ਪੰਜਾਬ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ। ਇਸ ਮੁੱਦੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਸੱਤਾ ਧਿਰ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸਵਾਲ ਖੜੇ ਕੀਤੇ ਜਾ ਰਹੇ ਹਨ। ਪੰਜਾਬ ਦੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Environment Minister Gurmeet Singh Meet Here) ਅੱਜ ਬਰਨਾਲਾ ਵਿਖੇ ਇੱਕ ਸਾਇੰਸ ਮੇਲੇ ਵਿੱਚ ਪੁੱਜੇ। ਜਿੱਥੇ ਉਹਨਾਂ ਨੇ ਇਸ ਮੁੱਦੇ ਨੂੰ ਲੈ ਕੇ ਵਿਰੋਧੀਆਂ ਵਲੋਂ ਉਠਾਏ ਜਾ ਰਹੇ ਸਵਾਲਾਂ ਦੇ ਤਿੱਖੇ ਅੰਦਾਜ਼ ਵਿੱਚ ਜਵਾਬ ਦਿੱਤੇ।
ਇਸ ਮੌਕੇ ਗੱਲਬਾਤ ਕਰਦਿਆਂ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਰਾਲੀ ਮੁੱਦੇ ਨੂੰ ਲਗਾਤਾਰ ਹੱਲ ਕਰਨ ਲਈ ਯਤਨ ਕਰ ਰਹੀ ਹੈ। ਖੇਤੀਬਾੜੀ ਮੰਤਰੀ ਅਤੇ ਵਾਤਾਵਰਨ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰ ਰਹੇ ਹਾਂ। ਜੋ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਉਹਨਾਂ ਨੂੰ ਨਾ ਤਾਂ ਕੋਈ ਸਮੱਸਿਆ ਆ ਰਹੀ ਹੈ ਅਤੇ ਨਾ ਹੀ ਉਹਨਾਂ ਦੀ ਫ਼ਸਲ ਦਾ ਕੋਈ ਝਾੜ ਘਟ ਰਿਹਾ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਇਸ ਮਸਲੇ ਦੇ ਹੱਲ ਲਈ ਨਾਲ ਲੈ ਕੇ ਸਰਕਾਰ ਕੰਮ ਕਰ ਰਹੀ ਹੈ।
ਪੰਜਾਬ ਦੇ ਕਿਸਾਨਾਂ ਨੂੰ ਸਮਝਾਉਣ ਲਈ ਇੱਕ ਮੁਹਿੰਮ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ। ਉਥੇ ਹੀ ਉਹਨਾਂ ਕਿਹਾ ਕਿ ਗੁਜਰਾਜ ਵਿੱਚ ਵਾਤਵਰਨ ਮੰਤਰੀਆਂ ਦੀ ਹੋਈ ਮੀਟਿੰਗ ਵਿੱਚ ਪਰਾਲੀ ਪ੍ਰਦੂਸ਼ਨ ਦਾ ਮੁੱਦਾ ਉਠਾਇਆ ਸੀ। ਪੰਜਾਬ ਸਰਕਾਰ ਕੇਂਦਰ ਸਰਕਾਰ ਤੋਂ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਜਾ ਰਹੀ ਹੈ।
ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਹੈ, ਇਸਦੇ ਬਾਵਜੂਦ ਸਰਕਾਰ ਕਿਸਾਨਾਂ ਨੂੰ 500 ਰੁਪਏ ਮੁਆਵਜ਼ਾ ਦੇਣ ਲਈ ਤਿਆਰ ਹੈ। ਉਹਨਾਂ ਕਿਹਾ ਕਿ ਬੀਜੇਪੀ ਸਰਕਾਰ ਇਸ ਮਸਲੇ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਸਹਿਯੋਗ ਦੇਵੇ। ਉਥੇ ਬਰਨਾਲਾ ਜਿਲ੍ਹੇ ਵਿੱਚ ਅਧਿਕਾਰੀਆਂ ਨੂੰ ਬੰਦੀ ਬਨਾਉਣ ਅਤੇ ਫ਼ਾਇਰ ਬ੍ਰਿਗੇੜ ਦੀ ਗੱਡੀ ਨੂੰ ਕਬਜ਼ੇ ਵਿੱਚ ਲੈਣ ਸਬੰਧੀ ਕਿਹਾ ਕਿ ਜੇਕਰ ਕੋਈ ਵਿਅਕਤੀ ਅਧਿਕਾਰੀਆਂ ਨਾਲ ਇਸ ਤਰ੍ਹਾਂ ਬਦਤਮੀਜ਼ੀ ਕਰੇਗਾ ਤਾਂ ਉਸ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਥੇ ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਨ ਲਈ ਪੰਜਾਬ ਦੀ ਪਰਾਲੀ ਨੂੰ ਜਿੰਮੇਵਾਰ ਠਹਿਰਾਉਣ ਲਈ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦਾ ਪ੍ਰਦੂਸ਼ਨ ਇਸ ਵਾਰ ਦੀਵਾਲੀ ਮੌਕੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਤੋਂ ਵੀ ਘੱਟ ਰਿਹਾ ਹੈ।
ਇਹ ਵੀ ਪੜ੍ਹੋ:- ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ ਵਿੱਚ ਇੱਕ ਹੋਰ ਗ੍ਰਿਫਤਾਰ, ਟੀਨੂੰ ਨੇ ਦਿੱਤੀ ਸੀ ਜਾਣਕਾਰੀ