ਬਰਨਾਲਾ: ਬਰਗਾੜੀ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਸਪੈਸ਼ਲ ਜਾਂਚ ਟੀਮ ਦੇ ਮੁਖੀ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਤੋਂ ਬਾਅਦ ਬਰਗਾੜੀ ਮੋਰਚੇ ਦੇ ਆਗੂ ਧਿਆਨ ਸਿੰਘ ਮੰਡ ਵੱਲੋਂ ਸਰਕਾਰ ਨੂੰ 7 ਦਿਨ ਦਾ ਅਲਟੀਮੇਟਮ ਖ਼ਤਮ ਹੋ ਗਿਆ ਹੈ। ਇਸ ਦੇ ਚੱਲਦਿਆਂ ਬਰਗਾੜੀ ਮੋਰਚੇ ਦੇ ਆਗੂ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਬਰਨਾਲਾ ਦੇ ਪਿੰਡ ਸੰਘੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਅਗਲੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਹੋਈ।
ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਧਿਆਨ ਸਿੰਘ ਮੰਡ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਆਉਣ ਵਾਲੀ 20 ਅਪ੍ਰੈਲ ਨੂੰ ਚੰਡੀਗੜ੍ਹ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਚੋਣ ਕਮਿਸ਼ਨ ਨੇ ਉਨ੍ਹਾਂ ਦੀ ਮੰਗ ਨਹੀਂ ਮੰਨੀ ਤਾਂ ਉਹ ਸਪੈਸ਼ਲ ਜਾਂਚ ਟੀਮ ਦੇ ਮੁਖੀ ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ਵਿਰੁੱਧ ਸੰਘਰਸ਼ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੇ ਆਪ ਹੀ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਨਾਲ ਆਪਣੀ ਹੀ ਬਣਾਈ ਸਪੈਸ਼ਲ ਜਾਂਚ ਟੀਮ ਦੇ ਖਿਲਾਫ਼ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਗੋਗਲੂਆਂ ਤੋਂ ਮਿੱਟੀ ਝਾੜਨ ਲੱਗੀ ਹੋਈ ਹੈ।
ਇਸ ਮੌਕੇ ਉਨ੍ਹਾਂ ਇਥੋਂ ਤੱਕ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਬਾਦਲ ਪਰਿਵਾਰ ਦਾ ਦਬਦਬਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਤੋਂ ਪਹਿਲਾਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣਾ ਚਾਹੀਦਾ ਸੀ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਬਾਦਲ ਪਰਿਵਾਰ ਦੇ ਕਹਿਣ ਅਨੁਸਾਰ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਕਰ ਦਿੱਤਾ ਹੈ।