ਬਰਨਾਲਾ: ਕਾਂਗਰਸ ਸਰਕਾਰ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਨੌਜਵਾਨਾਂ ਨੂੰ ਸਮਾਰਟਫੋਨ ਵੰਡਣ ਦੇ ਕੀਤੇ ਵਾਅਦੇ ਅਨੁਸਾਰ ਸਮਾਰਟਫੋਨ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕਾਂਗਰਸ ਸਰਕਾਰ ਵੱਲੋਂ ਇਹ ਸਮਾਰਟਫੋਨ ਬਾਰ੍ਹਵੀਂ ਕਲਾਸ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੰਡੇ ਗਏ। ਬਰਨਾਲਾ ਵਿੱਚ ਕੈਬਿਨਟ ਮੰਤਰੀ ਰਜ਼ੀਆ ਸੁਲਤਾਨਾ ਨੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ।
ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਮਾਰਟਫੋਨ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਸਮਾਰਟਫੋਨ ਦੇਰੀ ਨਾਲ ਸ਼ੁਰੂ ਕੀਤੇ ਗਏ ਹਨ, ਪਰ ਇਨ੍ਹਾਂ ਸਮਾਰਟਫੋਨਾਂ ਦਾ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ।
ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ 3792 ਵਿਦਿਆਰਥੀਆਂ ਨੂੰ ਇਹ ਸਮਾਰਟ ਫੋਨ ਦਿੱਤੇ ਜਾਣੇ ਹਨ। ਪਹਿਲੇ ਦਿਨ 21 ਵਿਦਿਆਰਥੀਆਂ ਲੜਕੇ ਅਤੇ ਲੜਕੀਆਂ ਨੂੰ ਇਹ ਸਮਾਰਟ ਫੋਨ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀਆਂ ਨੂੰ ਇਹ ਸਮਾਰਟਫੋਨ ਦਿੱਤੇ ਜਾ ਰਹੇ ਹਨ, ਉਹ ਜ਼ਿਆਦਾਤਰ ਗਰੀਬ ਪਰਿਵਾਰਾਂ ਨਾਲ ਸਬੰਧਿਤ ਹਨ। ਜਿਨ੍ਹਾਂ ਨੂੰ ਆਨਲਾਈਨ ਪੜ੍ਹਾਈ ਕਰਨ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਲਈ ਇਨ੍ਹਾਂ ਵਿਦਿਆਰਥੀਆਂ ਲਈ ਇਹ ਸਮਾਰਟਫੋਨ ਕਾਫੀ ਲਾਹੇਵੰਦ ਸਾਬਤ ਹੋਣਗੇ।