ਬਰਨਾਲਾ: ਤਪਾ ਮੰਡੀ ਨੇੜੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ਉੱਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਕ ਸਕਾਰਪੀਓ ਕਾਰ ਚਾਲਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ।
ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਕਾਰ ਚਾਲਕ 'ਤੇ ਲਾਪਰਵਾਹੀ ਨਾਲ ਟੱਕਰ ਮਾਰਨ ਦੇ ਦੋਸ਼ ਲਗਾਏ ਗਏ ਹਨ ਅਤੇ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਉਧਰ ਤਪਾ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।
ਚਸ਼ਮਦੀਦਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਤਪਾ ਮੰਡੀ ਦੀ ਬਾਜ਼ੀਗਰ ਬਸਤੀ ਦੇ ਰਹਿਣ ਵਾਲੀ ਬੰਸੋ ਦੇਵੀ ਆਪਣੇ ਪੁੱਤਰ ਪ੍ਰੀਤਮ ਦਾਸ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੀ ਸਾਈਡ 'ਤੇ ਬਰਨਾਲਾ/ਬਠਿੰਡਾ ਨੈਸ਼ਨਲ ਹਾਈਵੇ 'ਤੇ ਆਪਣੇ ਘਰ ਜਾ ਰਹੀ ਸੀ ਕਿ ਪਿੱਛੋਂ ਗ਼ਲਤ ਸਾਈਡ 'ਤੇ ਆ ਰਹੀ ਤੇਜ਼ ਰਫਤਾਰ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਸਕਾਰਪਿਓ ਗੱਡੀ ਚਾਲਕ ਕਾਫ਼ੀ ਦੂਰ ਤੱਕ ਮੋਟਰਸਾਈਕਲ ਸਮੇਤ ਮਾਂ-ਪੁੱਤ ਨੂੰ ਘੜੀਸਦੇ ਹੋਏ ਲੈ ਗਿਆ।
ਸਕਾਰਪੀਓ ਗੱਡੀ ਚਾਲਕ ਮੌਕੇ ਤੋਂ ਭੱਜਣ ਵਿੱਚ ਸਫ਼ਲ ਹੋ ਗਿਆ ਅਤੇ ਲੋਕਾਂ ਨੇ ਜ਼ਖ਼ਮੀ ਮਾਂ ਪੁੱਤ ਨੂੰ ਤਪਾ ਮੰਡੀ ਦੇ ਸਰਕਾਰੀ ਹਸਤਾਲ ਵਿਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਵੱਲੋਂ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ। ਰੈਫ਼ਰ ਕੀਤੇ ਨੌਜਵਾਨ ਪ੍ਰੀਤਮ ਦਾਸ ਦੇ ਗੰਭੀਰ ਸੱਟਾਂ ਹੋਣ ਕਾਰਨ ਉਸ ਦੀ ਵੀ ਮੌਤ ਹੋ ਗਈ।
ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਸਕਾਰਪੀਓ ਗੱਡੀ ਚਾਲਕ ਦੀ ਵੱਡੀ ਲਾਪਰਵਾਹੀ ਕਾਰਨ ਇੱਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋਈ ਹੈ ਜਿਸ ਕਰਕੇ ਸਕਾਰਪਿਓ ਗੱਡੀ ਚਾਲਕ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਉੱਧਰ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਵਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ਼ ਕਰਕੇ ਅਲੱਗ-ਅਲੱਗ ਧਾਰਾਵਾਂ ਤਹਿਤ ਪਰਚਾ ਦਰਜ਼ ਕਰ ਲਿਆ ਹੈ ਅਤੇ ਮੁਲਜ਼ਮ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।