ਬਰਨਾਲਾ: ਨਗਰ ਕੌਂਸਲ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ ਇਸ ਦੀਆਂ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਹਰ ਰਾਜਨੀਤਕ ਪਾਰਟੀ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਉਥੇ ਹੀ, ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਨਗਰ ਕੌਂਸਲ ਬਰਨਾਲਾ ਦੇ 31 ਵਾਰਡਾਂ ਵਿੱਚ ਮੁੱਖ ਲੋਕਾਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਵਾਰ ਦੀਆਂ ਨਗਰ ਕੌਂਸਲ ਚੋਣਾਂ ਵਿਕਾਸ ਦੇ ਮੁੱਦੇ ‘ਤੇ ਲੜੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਰਦਾਂ ਅਤੇ ਔਰਤਾਂ ਨੂੰ ਬਰਾਬਰ ਦਾ ਅਧਿਕਾਰ ਇਨ੍ਹਾਂ ਚੋਣਾਂ ਵਿੱਚ ਦਿੱਤਾ ਗਿਆ ਹੈ।
ਇਸ ਦੇ ਚੱਲਦਿਆਂ ਇਸ ਵਾਰ ਨਗਰ ਕੌਂਸਲ ਚੋਣਾਂ ਵਿੱਚ ਔਰਤਾਂ ਦੀ ਬਰਾਬਰਤਾ ਵਧਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਬਰਨਾਲਾ ਦੇ 31 ਵਾਰਡਾਂ ਵਿੱਚੋਂ ਇਸ ਵਾਰ 16 ਵਾਰਡਾਂ ਵਿੱਚ ਔਰਤਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਦੱਸਣਯੋਗ ਹੈ ਕਿ ਪੰਜਾਬ ਨਗਰ ਨਿਗਮ ਚੋਣਾਂ 2021 ਲਈ ਵੋਟਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ। 17 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਤੇ ਉਸ ਦਿਨ ਚੋਣਾਂ ਦੇ ਨਤੀਜੇ ਵੀ ਐਲਾਨੇ ਜਾਣਗੇ।