ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਰ ਪਾਸਿਆਂ ਤੋਂ ਹਰ ਵਰਗ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ। ਉਥੇ ਹੁਣ ਅੰਤਰਰਾਸ਼ਟਰੀ ਬਾਸਕਿਟਬਾਲ ਖਿਡਾਰੀ ਸਤਨਾਮ ਸਿੰਘ ਭੰਮਰਾ ਨੇ ਵੀ ਕਿਸਾਨਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਹੈ। ਬਰਨਾਲਾ ਦੇ ਪਿੰਡ ਬੱਲੋਕੇ ਨਾਲ ਸਬੰਧਿਤ ਸਤਨਾਮ ਸਿੰਘ ਬਾਸਕਿਟਬਾਲ ਦੀ ਐਨਬੀਏ ਵਿੱਚ ਸ਼ਾਮਲ ਹੋਣ ਵਾਲਾ ਭਾਰਤ ਦਾ ਪਹਿਲਾ ਖਿਡਾਰੀ ਰਿਹਾ ਹੈ, ਜੋ ਹੁਣ ਭਾਰਤ ਦੀ ਟੀਮ ਵੱਲੋਂ ਖੇਡਦਾ ਆ ਰਿਹਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਸਤਨਾਮ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਖੇਤੀ ਅਤੇ ਕਿਸਾਨ ਵਿਰੋਧੀ ਹਨ। ਉਹ ਖਿਡਾਰੀ ਹੋਣ ਦੇ ਨਾਲ-ਨਾਲ ਇੱਕ ਕਿਸਾਨ ਦਾ ਪੁੱਤ ਵੀ ਹੈ। ਜ਼ਮੀਨ ਕਿਸਾਨ ਦੀ ਮਾਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਵਿੱਚ ਕਿਸਾਨਾਂ ਨੂੰ ਸਮਰਥਨ ਕਰਦੇ ਹਨ ਕਿਉਂਕਿ ਕਿਸਾਨਾਂ ਨੇ ਉਨ੍ਹਾਂ ਲਈ ਬਹੁਤ ਕੁੱਝ ਕੀਤਾ ਹੈ ਅਤੇ ਹੁਣ ਉਨ੍ਹਾਂ ਦਾ ਵੀ ਫ਼ਰਜ਼ ਹੈ ਕਿ ਉਹ ਕਿਸਾਨਾਂ ਨਾਲ ਖੜਨ।
ਉਨ੍ਹਾਂ ਕਿਹਾ ਕਿ ਉਹ ਵਿਰੋਧ ਕਰਨ ਲਈ ਆਪਣੇ ਸਾਥੀ ਖਿਡਾਰੀਆਂ ਨੂੰ ਲੈ ਕੇ ਦਿੱਲੀ ਵੀ ਜਾ ਰਹੇ ਹਨ ਅਤੇ ਮੋਢੇ ਨਾਲ ਮੋਢਾ ਲਾ ਕੇ ਕਿਸਾਨਾਂ ਨਾਲ ਖੜੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨੇ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿੱਤਾ ਜਾਵੇ।
ਖਿਡਾਰੀ ਦੇ ਪਿਤਾ ਬਲਵੀਰ ਸਿੰਘ ਨੇ ਆਪਣੇ ਪੁੱਤਰ ਦੇ ਇਸ ਫ਼ੈਸਲੇ ਦੀ ਪ੍ਰਸ਼ੰਸ਼ਾ ਕਰਦੇ ਹੋਏ ਖ਼ੁਸ਼ੀ ਜ਼ਾਹਰ ਕੀਤੀ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਖੜਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਤਨਾਮ ਦੇਸ਼ ਦਾ ਨਾਂਅ ਰੌਸ਼ਨ ਕਰਦਾ ਆਇਆ ਹੈ ਅਤੇ ਹੁਣ ਕਿਸਾਨਾਂ ਦੇ ਸੰਘਰਸ਼ ਵਿੱਚ ਆਪਣੇ ਸਾਥੀਆਂ ਸਮੇਤ ਦਿੱਲੀ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ।