ਬਰਨਾਲਾ: ਸੂਬਾ ਸਰਕਾਰ ਵੱਲੋਂ ਕੱਚੇ ਸਿਹਤ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮਸਲਾ ਨੇਪਰੇ ਨਾ ਚਾੜ੍ਹਣ ਤੋਂ ਅੱਕੇ ਸਿਹਤ ਵਿਭਾਗ ਦੇ ਐੱਨਐੱਚਐੱਮ ਤਹਿਤ ਕੰਮ ਕਰਦੇ ਸਮੂਹ ਮੁਲਾਜਮਾਂ ਵੱਲੋਂ 23 ਮਾਰਚ ਨੂੰ ਸਿਹਤ ਮੰਤਰੀ ਪੰਜਾਬ ਦੇ ਹਲਕੇ ਪਟਿਆਲਾ ਵਿੱਚ ਰੈਲੀ ਕਰਨ ਅਤੇ 24 ਮਾਰਚ ਨੂੰ ਸਮੂਹਿਕ ਰੂਪ ਵਿੱਚ ਹੜਤਾਲ ‘ਤੇ ਜਾਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਕੱਚੇ ਮੁਲਾਜ਼ਮਾਂ ਵੱਲੋਂ ਮੰਗ ਪੱਤਰ ਸੌਂਪਿਆ ਗਿਆ। ਜਾਣਕਾਰੀ ਦਿੰਦਿਆਂ ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੌਮੀ ਸਿਹਤ ਮਿਸ਼ਨ (ਐਨਐਚਐਮ) ਤਹਿਤ ਕੰਮ ਕਰਦੇ ਸਮੂਹ ਕੱਚੇ ਮੁਲਾਜਮਾਂ ਨੂੰ ਸਰਕਾਰ ਬਣਨ ‘ਤੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ। ਪਰ ਹੁਣ ਸਰਕਾਰ ਬਣਿਆ ਇੱਕ ਸਾਲ ਪੂਰਾ ਹੋ ਗਿਆ ਹੈ ਅਤੇ ਨੈਸ਼ਨਲ ਹੇਲਥ ਮਿਸ਼ਨ ਤਹਿਤ ਕੰਮ ਕਰਨ ਵਾਲਾ ਕਿਸੇ ਵੀ ਮੁਲਾਜ਼ਮ ਨੁੰ ਰੈਗੂਲਰ ਨਹੀਂ ਕੀਤਾ ਗਿਆ ਹੈ।
ਭਰਤੀਆਂ ਯੋਗ ਪ੍ਰਕਿਰਆ ਰਾਹੀਂ ਹੋਈਆਂ: ਉਨ੍ਹਾਂ ਕਿਹਾ ਕਿ ਐੱਨਐੱਚਐੱਮ ਮੁਲਾਜ਼ਮ ਆਪਣੀ ਅਸਾਮੀ ਦੇ ਹਿਸਾਬ ਨਾਲ ਯੋਗਤਾ ਪੂਰੀ ਕਰਦੇ ਹਨ ਅਤੇ ਐੱਨਐੱਚਐੱਮ ਦੀਆਂ ਭਰਤੀਆਂ ਯੋਗ ਪ੍ਰਕਿਰਆ ਰਾਹੀਂ ਹੋਈਆਂ ਹਨ, ਪਰ ਫਿਰ ਵੀ ਕੱਚੇ ਸਿਹਤ ਮੁਲਾਜ਼ਮਾਂ ਦੀ ਠੇਕੇਦਾਰੀ ਸਿਸਟਮ ਤਹਿਤ ਪਿਛਲੇ ਪੰਦਰ੍ਹਾਂ ਸਾਲਾਂ ਤੋਂ ਆਰਥਿਕ ਅਤੇ ਮਾਨਸਿਕ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ।ਉਨ੍ਹਾਂ ਕਿਹਾ ਜੇਕਰ ਸਰਕਾਰ ਦਾ ਰਵੱਈਆ ਇਸ ਤਰ੍ਹਾਂ ਸਿਹਮਤ ਮੁਲਜ਼ਮਾਂ ਖ਼ਿਲਾਫ਼ ਕਾਇਮ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ 10 ਹਜ਼ਾਰ ਦੇ ਕਰੀਬ ਕੱਚੇ ਮੁਲਜ਼ਮ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਹੜਤਾਲ ਉੱਤੇ ਜਾਣਗੇ।
ਸਰਕਾਰ ਦਾ ਪਿੱਟ ਸਿਆਪਾ: ਉਨ੍ਹਾਂ ਕਿਹਾ ਕਿ ਸਿਹਤ ਮੁਲਾਜ਼ਮਾਂ ਦੇ ਹੜਤਾਲ ‘ਤੇ ਜਾਣ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ ਖੁਆਰੀ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੋਵੇਗੀ ਕਿਉਂਕਿ ਹੱਕੀ ਮੰਗਾਂ ਖਾਤਰ ਹੜਤਾਲ ‘ਤੇ ਜਾਣਾ ਸਿਹਤ ਮੁਲਾਜਮਾਂ ਦੀ ਮਜਬੂਰੀ ਹੈ। ਸੰਘਰਸ਼ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸ਼ੈਸ਼ਨ ਦੌਰਾਨ ਸੂਬੇ ਦੇ ਕੱਚੇ ਮੁਲਾਜ਼ਮਾਂ ਦੇ ਮਸਲੇ ‘ਤੇ ਸੰਜੀਦਗੀ ਨਾਲ ਚਰਚਾ ਨਹੀਂ ਕੀਤੀ ਗਈ ਇਸ ਲਈ 18 ਅਤੇ 19 ਮਾਰਚ ਨੂੰ ਪੰਜਾਬ ਭਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਉਨ੍ਹਾਂ ਦੱਸਿਆ ਕਿ 23 ਮਾਰਚ ਨੂੰ ਸਿਹਤ ਮੰਤਰੀ ਪੰਜਾਬ ਦੀ ਪਟਿਆਲਾ ਰਿਹਾਇਸ਼ ਅੱਗੇ ਵੱਡੀ ਰੈਲੀ ਕਰਕੇ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ 24 ਮਾਰਚ ਨੂੰ ਐੱਨਐੱਚਐੱਮ ਮੁਲਾਜ਼ਮ ਸਮੂਹਿਕ ਛੁੱਟੀ ਲੈਂਦਿਆਂ ਹੜਤਾਲ ‘ਤੇ ਜਾਣਗੇ ਅਤੇ ਜ਼ਿਲ੍ਹਾ ਪੱਧਰ ‘ਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Crop Affected Due to Rain: ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਮਿਹਨਤ 'ਤੇ ਫਿਰਿਆ ਪਾਣੀ, ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ