ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਪਿਛਲੇ 10 ਮਹੀਨਿਆਂ ਤੋਂ ਜਾਰੀ ਹੈ। ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ ਲੜ ਰਹੇ ਹਨ। ਇਸੇ ਸੰਘਰਸ਼ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੀਜੇਪੀ ਦਾ ਜਿੱਥੇ ਮੁਕੰਮਲ ਬਾਈਕਾਟ ਅਤੇ ਵਿਰੋਧ ਦਾ ਐਲਾਨ ਕੀਤਾ ਹੈ। ਉਥੇ ਪੰਜਾਬ ਵਿੱਚ ਹੋਰਨਾਂ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਆਉਣ 'ਤੇ ਸਵਾਲ ਕਰਨ ਲਈ ਕਿਹਾ ਗਿਆ ਹੈ।
ਜਿਸ ਕਰਕੇ ਪਿੰਡਾਂ ਵਿੱਚ ਕਿਸਾਨ ਲਾਮਬੰਦ ਹੋ ਕੇ ਇਹਨਾਂ ਸਿਆਸੀ ਪਾਰਟੀਆਂ ਦੇ ਲੀਡਰਾਂ ਦੇ ਦਾਖਲਿਆਂ 'ਤੇ ਪਾਬੰਦੀ ਲਗਾ ਰਹੇ ਹਨ। ਬਰਨਾਲਾ ਜ਼ਿਲ੍ਹੇ ਵਿੱਚ ਇਹ ਮੁਹਿੰਮ ਤੇਜ਼ ਹੁੰਦੀ ਜਾ ਰਹੀ ਹੈ। ਹੁਣ ਤੱਕ ਜ਼ਿਲ੍ਹੇ ਦੇ 15 ਦੇ ਕਰੀਬ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਸਿਆਸੀ ਲੋਕਾਂ ਦੇ ਦਾਖਲੇ 'ਤੇ ਰੋਕ ਲਗਾ ਦਿੱਤਾ ਹੈ। ਇਸੇ ਲੜੀ ਤਹਿਤ ਪਿੰਡ ਪੱਖੋਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਪਿੰਡ ਦੀਆਂ ਐਂਟਰੀ ਥਾਵਾਂ 'ਤੇ ਬੈਨਰ ਟੰਗ ਕੇ ਸਿਆਸੀ ਲੋਕਾਂ ਨੂੰ ਪਿੰਡ ਵਿੱਚ ਦਾਖਲ ਨਾ ਹੋਣ ਦੀ ਚੇਤਾਵਨੀ ਦੇ ਦਿੱਤੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਸੁਖਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦਾ ਅੰਨਦਾਤਾ ਦਿੱਲੀ ਦੀਆਂ ਸੜਕਾਂ 'ਤੇ ਰੁਲ ਰਿਹਾ ਹੈ। ਜਿਸ ਦੇ ਚੱਲਦਿਆਂ ਸਿਆਸੀ ਪਾਰਟੀਆਂ ਦਾ ਪਿੰਡਾਂ ਵਿਚ ਵਿਰੋਧ ਹੋ ਰਿਹਾ ਹੈ। ਇਸੇ ਲੜੀ ਤਹਿਤ ਉਨ੍ਹਾਂ ਆਪਣੇ ਪਿੰਡ ਪੱਖੋਕੇ ਵਿਖੇ ਬੀਕੇਯੂ ਕਾਦੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਿਆਸੀ ਪਾਰਟੀਆਂ ਦੇ ਲੀਡਰਾਂ ਦੇ ਦਾਖ਼ਲੇ 'ਤੇ ਪਾਬੰਦੀ ਲਗਾ ਦਿੱਤੀ ਹੈ।
ਭਾਰਤੀ ਜਨਤਾ ਪਾਰਟੀ ਦੇ ਕਿਸੇ ਵੀ ਲੀਡਰ ਨੂੰ ਪੰਡਾਂ ਵਿੱਚ ਦਾਖ਼ਲ ਹੋਣ ਤੇ ਵੀ ਮਨਾਹੀ ਹੈ। ਜਦਕਿ ਦੂਜੀਆਂ ਸਿਆਸੀ ਪਾਰਟੀਆਂ ਦੀਆਂ ਸਿਆਸੀ ਸਰਗਰਮੀਆਂ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਕਿਉਂਕਿ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਵਾਉਣ ਵਿੱਚ ਬੀਜੇਪੀ ਦੇ ਨਾਲ ਨਾਲ ਕਾਂਗਰਸ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਜ਼ਿੰਮੇਵਾਰ ਹਨ।
ਜਿਸ ਕਰ ਕੇ ਉਨ੍ਹਾਂ ਵੱਲੋਂ ਪਿੰਡ ਦੇ ਬੱਸ ਅੱਡੇ ਤੇ ਹੋਰ ਐਂਟਰੀ ਦੀਆਂ ਥਾਵਾਂ 'ਤੇ ਬੈਨਰ ਲਗਾ ਕੇ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਪਿੰਡ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਚਿਤਾਵਨੀ ਦਿੱਤੀ ਗਈ ਹੈ। ਜੇਕਰ ਇਸ ਦੇ ਬਾਵਜੂਦ ਕੋਈ ਵੀ ਸਿਆਸੀ ਪਾਰਟੀ ਦਾ ਨੁਮਾਇੰਦਾ ਪਿੰਡ ਵਿੱਚ ਦਾਖ਼ਲ ਹੁੰਦਾ ਹੈ ਤਾਂ ਉਸ ਨੂੰ ਘੇਰ ਕੇ ਸਵਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਕਿਸੇ ਵੀ ਸਿਆਸੀ ਲੀਡਰ ਨੂੰ ਆਪਣੇ ਘਰ ਬਣਾਉਂਦਾ ਹੈ ਤਾਂ ਉਸ ਦਾ ਵੀ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ:- ਮੁਜ਼ੱਫਰਨਗਰ: ਕਿਸਾਨ ਮਹਾਪੰਚਾਇਤ ’ਚ ਲਏ ਗਏ ਵੱਡੇ ਫੈਸਲੇ