ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਤਹਿਤ ਪੰਜਾਬ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਹੋਈ। ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਰੁਲਦੂ ਸਿੰਘ ਮਾਨਸਾ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ 26 ਜੂਨ ਨੂੰ ਪੂਰੇ ਦੇਸ਼ ਵਿੱਚ ਦੇਸ਼ ਦੀ ਐਮਰਜੈਂਸੀ ਅਤੇ ਕਿਸਾਨ ਅੰਦੋਲਨ ਦੇ ਦਿੱਲੀ ਵਿਖੇ ਸੱਤ ਮਹੀਨੇ ਪੂਰੇ ਹੋਣ 'ਤੇ ਕੀਤਾ ਗਿਆ ਰੋਸ ਪ੍ਰਦਰਸ਼ਨ ਪੂਰਾ ਸਫ਼ਲ ਰਿਹਾ ਹੈ।
ਚੰਡੀਗੜ੍ਹ ਪੁਲਿਸ ਵੱਲੋਂ ਕੁਝ ਕਿਸਾਨ ਆਗੂਆਂ ਅਤੇ ਹੋਰ ਸਾਥੀਆਂ 'ਤੇ ਦਰਜ ਕੀਤੇ ਗਏ ਪਰਚਿਆਂ 'ਤੇ ਕਿਸਾਨ ਆਗੂ ਨੇ ਕਿਹਾ ਕਿ ਸਰਕਾਰਾਂ ਅਤੇ ਪੁਲਿਸ ਪ੍ਰਸ਼ਾਸਨ ਸੰਘਰਸ਼ ਕਰਦੇ ਲੋਕਾਂ 'ਤੇ ਇਸ ਤਰ੍ਹਾਂ ਧੱਕਾ ਅਤੇ ਜ਼ਬਰ ਕਰਦਾ ਹੀ ਹੁੰਦਾ ਹੈ। ਉਹ ਇਸ ਤਰ੍ਹਾਂ ਦੇ ਜ਼ਬਰ ਅਤੇ ਪਰਚਿਆਂ ਨੂੰ ਬਰਦਾਸ਼ਤ ਨਹੀਂ ਕਰਨਗੇ। ਇਨ੍ਹਾਂ ਪਰਚਿਆਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਲੜਿਆ ਜਾਵੇਗਾ। ਉਨ੍ਹਾਂ ਖੇਤੀ ਮੰਤਰੀ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਸੱਦਿਆਂ 'ਤੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਕਾਨੂੰਨ ਦੀ ਗਾਰੰਟੀ ਤੋਂ ਬਿਨਾਂ ਉਨ੍ਹਾਂ ਨੂੰ ਕੋਈ ਸ਼ਰਤ ਮਨਜ਼ੂਰ ਨਹੀਂ ਹੈ। ਜਦਕਿ ਸਰਕਾਰ ਅਜੇ ਵੀ ਸੋਧ ਕਰਨ 'ਤੇ ਅੜੀ ਹੋਈ ਹੈ।
ਕਿਸਾਨ ਆਗੂ ਰੁਲਦੂ ਸਿੰਘ ਨੇ ਕਿਹਾ ਕਿ ਜਿੰਨਾ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਦੇਸ਼ ਭਰ ਵਿੱਚ ਬੀਜੇਪੀ ਦਾ ਬਾਈਕਾਟ ਜਾਰੀ ਰਹੇਗਾ। ਜਿੰਨਾਂ ਵੀ ਸੂਬਿਆਂ ਵਿੱਚ ਚੋਣਾਂ ਹੋਣਗੀਆਂ, ਉਥੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਕਿਸਾਨ ਬੀਜੇਪੀ ਦਾ ਵਿਰੋਧ ਕਰਨ ਜਾਣਗੇ। ਉਨ੍ਹਾਂ ਕਿਹਾ ਕਿ ਖਾਸ ਕਰ ਇਸ ਸਮੇਂ ਸੰਯੁਕਤ ਕਿਸਾਨ ਮੋਰਚੇ ਦੀ ਨਜ਼ਰ ਯੂਪੀ ਦੀਆਂ ਵਿਧਾਨ ਸਭਾ ਚੋਣਾਂ ਉਪਰ ਹੈ, ਜਿੱਥੇ ਵੱਡੇ ਪੱਧਰ 'ਤੇ ਜਾ ਕੇ ਬੀਜੇਪੀ ਦਾ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਚੋਣ ਲੜੇ ਜਾਣ ਦੇ ਮਾਮਲੇ 'ਤੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਚੱਲ ਰਹੇ ਸੰਘਰਸ਼ ਦਰਮਿਆਨ ਸੰਯੁਕਤ ਕਿਸਾਨ ਮੋਰਚੇ ਅਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਚੋਣ ਮੈਦਾਨ 'ਚ ਉਤਰਨ ਦਾ ਕੋਈ ਇਰਾਦਾ ਨਹੀਂ ਹੈ। ਇਸ ਸਮੇਂ ਕਿਸਾਨਾਂ ਦਾ ਇੱਕੋ ਇੱਕ ਮਕਸਦ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ।
ਇਹ ਵੀ ਪੜ੍ਹੋ:ਅਸ਼ਵਨੀ ਸੇਖੜੀ ਦੇ ਅਕਾਲੀ ਦਲ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੂੰ ਵੇਰਕਾ ਨੇ ਲਾਇਆ ਬਰੇਕ