ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਲਗਾਤਾਰ ਪੰਜਾਬ ਦਾ ਅੰਨਦਾਤਾ ਸੰਘਰਸ਼ ਦੇ ਮੈਦਾਨ ਵਿੱਚ ਡੱਟਿਆ ਹੋਇਆ ਹੈ। ਇਸ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਦੇ ਘਰ ਅੱਗੇ ਲਗਾਤਾਰ ਪੱਕਾ ਮੋਰਚਾ ਜਾਰੀ ਹੈ। ਝੋਨੇ ਦੀ ਵਾਢੀ ਦਾ ਕੰਮ ਜ਼ੋਰਾਂ ’ਤੇ ਹੋਣ ਦੇ ਬਾਵਜੂਦ ਕਿਸਾਨਾਂ ਦੇ ਧਰਨਿਆਂ ’ਤੇ ਇਸ ਦਾ ਅਸਰ ਫ਼ਿਲਹਾਲ ਦਿਖਾਈ ਨਹੀਂ ਦੇ ਰਿਹਾ। ਕਿਸਾਨ, ਨੌਜਵਾਨ ਅਤੇ ਔਰਤਾਂ ਲਗਾਤਾਰ ਧਰਨਿਆਂ ਵਿੱਚ ਸ਼ਾਮਲ ਹੋ ਰਹੀਆਂ ਹਨ।
![ਫ਼ੋਟੋ](https://etvbharatimages.akamaized.net/etvbharat/prod-images/pb-bnl-farmersprotestatbjppresident-7208563_30102020141324_3010f_01219_945.jpg)
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਹ ਲਗਾਤਾਰ ਆਪਣੇ ਪੱਕੇ ਮੋਰਚਿਆਂ ਵਿੱਚ ਡੱਟੇ ਹੋਏ ਹਨ। ਇਸ ਤਹਿਤ ਉਨ੍ਹਾਂ ਵੱਲੋਂ ਭਾਜਪਾ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਾ ਘਰ ਘੇਰਿਆ ਹੋਇਆ ਹੈ। ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ। ਇਸ ਕਰਕੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਨਾਲ-ਨਾਲ ਪਰਾਲੀ ਦੇ ਮੁੱਦੇ ’ਤੇ ਵੀ ਆਰਡੀਨੈਂਸ ਲੈ ਕੇ ਆਈ ਹੈ। ਉਨ੍ਹਾਂ ਦੱਸਿਆ ਕਿ ਇਹ ਆਰਡੀਨੈਂਸ ਵੀ ਕਿਸਾਨ ਵਿਰੋਧੀ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ’ਚ ਡੁੱਬਿਆ ਹੋਇਆ ਹੈ। ਇਹ ਬਿੱਲ ਲਿਆ ਕੇ ਸਰਕਾਰ ਕਿਸਾਨਾਂ ’ਤੇ ਹੋਰ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਾਂਗ ਪਰਾਲੀ ਦਾ ਆਰਡੀਨੈਂਸ ਵੀ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਭਾਵੇਂ ਝੋਨੇ ਦੀ ਵਾਢੀ ਦਾ ਸੀਜ਼ਨ ਜ਼ੋਰਾਂ ’ਤੇ ਹੈ, ਪਰ ਇਸ ਦੇ ਬਾਵਜੂਦ ਕਿਸਾਨਾਂ ਦੇ ਧਰਨਿਆਂ ‘ਤੇ ਇਸ ਦਾ ਕੋਈ ਅਸਰ ਨਹੀਂ ਹੈ। ਔਰਤਾਂ ਅਤੇ ਨੌਜਵਾਨਾਂ ਵੱਲੋਂ ਧਰਨਿਆਂ ਦੀ ਕਮਾਂਡ ਸੰਭਾਲੀ ਗਈ ਹੈ।
![ਫ਼ੋਟੋ](https://etvbharatimages.akamaized.net/etvbharat/prod-images/pb-bnl-farmersprotestatbjppresident-7208563_30102020141331_3010f_01219_952.jpg)
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਫ਼ੰਡ ਵੀ ਬਦਲਾ ਲਊ ਨੀਤੀ ਤਹਿਤ ਹੀ ਰੋਕੇ ਹਨ। ਅਜਿਹਾ ਕਰਕੇ ਸਰਕਾਰ ਕਿਸਾਨਾਂ ਨੂੰ ਉਕਸਾਊ ਭਾਵਨਾ ਪੈਦਾ ਕਰ ਰਹੀ ਹੈ। ਪਰ ਕਿਸਾਨ ਆਪਣੇ ਹੱਕ ਲੈਣ ਲਈ ਸ਼ਾਂਤਮਈ ਸੰਘਰਸ਼ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਹਰ ਹਾਲਤ ਰੱਦ ਕਰਵਾ ਕੇ ਹੀ ਦਮ ਲੈਣਗੇ।
![ਫ਼ੋਟੋ](https://etvbharatimages.akamaized.net/etvbharat/prod-images/pb-bnl-farmersprotestatbjppresident-7208563_30102020141331_3010f_01219_701.jpg)