ਬਰਨਾਲਾ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਗਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਅਤੇ ਇਸੇ ਤਹਿਤ ਬੁੱਧਵਾਰ ਤੋਂ ਝੋਨੇ ਦੀ ਸਰਕਾਰੀ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਬਰਨਾਲਾ ਜ਼ਿਲ੍ਹੇ ਵਿੱਚ ਵੀ ਕਿਸਾਨਾਂ ਵੱਲੋਂ ਸਰਕਾਰੀ ਹੁਕਮਾਂ 'ਤੇ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਬਰਨਾਲਾ ਜ਼ਿਲ੍ਹੇ ਵਿੱਚ ਇਸ ਵਾਰ 1 ਲੱਖ 10 ਹਜ਼ਾਰ ਹੈਕਟੇਅਰ ਵਿੱਚ ਝੋਨੇ ਦੀ ਬਿਜਾਈ ਕੀਤੀ ਜਾਵੇਗੀ ਜਿਸ ਵਿੱਚੋਂ 30 ਹਜ਼ਾਰ ਹੈਕਟੇਅਰ ਵਿੱਚ ਕਿਸਾਨਾਂ ਵੱਲੋਂ ਝੋਨੇ ਸਿੱਧੀ ਬਿਜਾਈ ਕੀਤੀ ਗਈ ਹੈ। ਇਸ ਵਾਰ ਕਿਸਾਨਾਂ ਲਈ ਝੋਨਾ ਲਗਾਉਣ ਲਈ ਸਭ ਤੋਂ ਵੱਡੀ ਸਮੱਸਿਆ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਹੈ ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲੌਕ ਡਾਊਣ ਕਾਰਨ ਪ੍ਰਵਾਸੀ ਮਜ਼ਦੂਰ ਪੰਜਾਬ ਨਹੀਂ ਪਹੁੰਚ ਸਕੇ। ਜਿਸ ਕਰਕੇ ਕਿਸਾਨਾਂ ਨੇ ਸਥਾਨਕ ਮਜ਼ਦੂਰਾਂ ਨੂੰ ਲੈ ਕੇ ਹੀ ਝੋਨਾ ਲਗਾਇਆ ਹੈ।
ਈ.ਟੀ.ਵੀ. ਭਾਰਤ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਲਵਾਈ ਲਈ ਸਭ ਤੋਂ ਵੱਡੀ ਸਮੱਸਿਆ ਲੇਬਰ ਦੀ ਹੈ। ਕਿਸਾਨਾਂ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਇਸ ਲਈ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ ਇਸ ਲਈ ਉਨ੍ਹਾਂ ਆਪਣੇ ਪੱਧਰ 'ਤੇ ਪ੍ਰਵਾਸੀ ਮਜ਼ਦੂਰ ਲਿਆਂਦੇ ਹਨ ਜਿਸ ਕਰਕੇ ਇਸ ਵਾਰ ਕਿਸਾਨਾਂ ਦੇ ਖਰਚੇ ਵਧਣਗੇ।
ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਲਵਾਈ ਲਈ ਉਨ੍ਹਾਂ ਲਗਾਤਾਰ 10 ਘੰਟੇ ਬਿਜਲੀ ਸਪਲਾਈ ਦੀ ਮੰਗ ਕੀਤੀ ਹੈ, ਪਰ ਸਰਕਾਰ ਵੱਲੋਂ ਸਿਰਫ਼ ਪੰਜ ਅਤੇ ਛੇ ਘੰਟੇ ਹੀ ਬਿਜਲੀ ਦਿੱਤੀ ਜਾ ਰਹੀ ਹੈ। ਜਿਸ ਕਰਕੇ ਇਸ ਵਾਰ ਝੋਨੇ ਦੀ ਬਿਜਾਈ ਵਿੱਚ ਉਨ੍ਹਾਂ ਨੂੰ ਸਮੱਸਿਆ ਆ ਸਕਦੀ ਹੈ। ਉਨ੍ਹਾਂ ਸਰਕਾਰ ਤੋਂ ਦਸ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕੀਤੀ।