ਬਰਨਾਲਾ: ਜ਼ਿਲ੍ਹਾ ਬਰਨਾਲਾ ਵਿਖੇ ਕਾਂਗਰਸ ਵਰਕਰਾਂ ਨਾਲ ਮੀਟਿੰਗ ਕਰਨ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾ ਪ੍ਰਧਾਨ ਨੇ ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਜਾਣ ਦੇ ਮਾਮਲੇ 'ਤੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਫੈਸਲੇ 'ਤੇ ਕੋਈ ਟਿੱਪਣੀ ਨਹੀਂ ਕਰ ਸਕਦੇ, ਪਰ ਕਾਂਗਰਸ ਪਾਰਟੀ ਦਾ ਪ੍ਰਧਾਨ ਹੋਣ ਦੇ ਨਾਤੇ ਉਹ ਨਵਜੋਤ ਸਿੰਘ ਸਿੱਧੂ ਦੇ ਪਰਿਵਾਰ ਨਾਲ ਹਰ ਪੱਖ ਦੇ ਨਾਲ ਖੜੇ ਹਨ।
ਇਸ ਦੇ ਨਾਲ ਹੀ ਸਿੱਧੂ ਦੇ ਮਾਮਲੇ ਵਿੱਚ ਹੋਰਨਾਂ ਕਾਂਗਰਸੀ ਲੀਡਰਾਂ ਦੀਆਂ ਟਿੱਪਣੀਆਂ ਸਬੰਧੀ ਰਾਜਾ ਵੜਿੰਗ ਨੇ ਕਿਹਾ ਕਿ ਹਰ ਵਿਅਕਤੀ ਦੀ ਆਪਣੀ ਨਿੱਜੀ ਅਲੱਗ ਰਾਇ ਹੁੰਦੀ ਹੈ। ਜਿਸ ਸਬੰਧੀ ਉਹ ਕੁਝ ਨਹੀਂ ਕਹਿ ਸਕਦੇ।ਰਾਜਾ ਵੜਿੰਗ ਨੇ ਕਿਹਾ ਕਿ ਉਹ ਸੂਬੇ ਭਰ 'ਚ ਹਲਕਾ ਪੱਧਰ 'ਤੇ ਆਪਣੇ ਵਰਕਰਾਂ ਨਾਲ ਮੀਟਿੰਗ ਕਰ ਰਹੇ ਹਨ ਅਤੇ ਹੁਣ ਤੱਕ 60 ਦੇ ਕਰੀਬ ਹਲਕਿਆਂ 'ਚ ਇਹ ਮੀਟਿੰਗਾਂ ਹੋ ਚੁੱਕੀਆਂ ਹਨ।
ਇਹਨਾਂ ਮੀਟਿੰਗਾਂ ਦੌਰਾਨ ਉਹ ਕਾਂਗਰਸੀ ਵਰਕਰਾਂ ਨਾਲ ਗੱਲਬਾਤ ਕਰਕੇ ਵਿਧਾਨ ਸਭਾ ਚੋਣਾਂ ਦੌਰਾਨ ਹੋਈਆਂ ਗਲਤੀਆਂ ਤੇ ਕਮੀਆਂ ਨੂੰ ਦੂਰ ਕਰਨ 'ਤੇ ਚਰਚਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਸਬੰਧੀ ਯੋਗ ਕਦਮ ਵੀ ਚੁੱਕੇ ਜਾਣਗੇ।
ਉਥੇ ਉਹਨਾਂ ਆਪ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਕਿਹਾ ਕਿ ਆਉਣ ਵਾਲੇ ਦੋ ਮਹੀਨਿਆਂ ਦੌਰਾਨ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਸੰਗਰੂਰ ਬਰਨਾਲਾ ਜ਼ਿਲ੍ਹਿਆਂ ਦੇ ਲੋਕ ਹੀ ਦੱਸ ਦੇਣਗੇ। ਉਹਨਾਂ ਕਿਹਾ ਕਿ ਇਸ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦਾ ਉਮੀਦਵਾਰ ਲੋਕਾਂ ਨੂੰ ਪੁੱਛ ਕੇ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ: ਬ੍ਰਮ ਸ਼ੰਕਰ ਜਿੰਪਾ ਨੇ ਜਲ ਸਰੋਤ ਵਿਭਾਗ ਦੇ 43 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ