ਬਰਨਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਕਰਤਾਰਪੁਰ ਲਾਂਘਾ ਖੋਲਣ ਦਾ ਕੇਂਦਰ ਸਰਕਾਰ ਵਲੋਂ ਐਲਾਨ ਕੀਤਾ ਗਿਆ। ਜਿਸ ਕਾਰਨ ਸਿੱਖ ਸੰਗਤਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ।
ਬਰਨਾਲਾ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਦੇ ਵੱਲੋਂ ਅੱਜ ਬਰਨਾਲਾ ਦੇ ਬਾਬਾ ਗਾਂਧਾ ਸਿੰਘ ਗੁਰਦੁਆਰਾ ਸਾਹਿਬ ਵਿੱਚ ਸਿੱਖ ਸੰਗਤਾਂ ਨੂੰ ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਉੱਤੇ ਖੁਸ਼ੀ ਮਨਾਉਂਦੇ ਹੋਏ ਮਠਿਆਈ ਅਤੇ ਲੱਡੂ ਵੰਡੇ ਗਏ।
ਇਸ ਮੌਕੇ ਉੱਤੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ, ਗੁਰਦੁਆਰਾ ਪ੍ਰਬੰਧਕ ਅਤੇ ਸੰਗਤਾਂ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਹੋ ਗਿਆ ਸੀ। ਹੁਣ ਦੇਸ਼ ਦੀਆਂ ਸਰਕਾਰਾਂ ਵਲੋਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਕਰਤਾਰਪੁਰ ਸਾਹਿਬ ਲਾਘਾਂ ਖੋਲਿਆ ਗਿਆ ਹੈ।
ਇਹ ਵੀ ਪੜ੍ਹੋ : ਕੱਲ੍ਹ ਤੋਂ ਮੁੜ੍ਹ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ
ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਸ਼੍ਰੀ ਕਰਤਾਰਪੁਰ ਸਾਹਿਬ ਜਾਣ ਲਈ ਸ਼ਰਧਾਲੂਆਂ ਲਈ ਫਰੀ ਯਾਤਰਾ ਕਾਊਂਟਰ ਖੋਲਿਆ ਗਿਆ ਸੀ। ਇੱਥੋਂ ਰਜਿਸਟਰੇਸ਼ਨ ਕੀਤੀ ਜਾਂਦੀ ਸੀ ਅਤੇ ਅੱਗੇ ਵੀ ਉਸੀ ਤਰੀਕੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀ ਜਾਣਗੀਆਂ ਅਤੇ 22 ਨਵੰਬਰ ਤੋਂ ਮੁੜ ਯਾਤਰਾ ਕਾਊਂਟਰ ਖੋਲਿਆ ਜਾਵੇਗਾ।
ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਪਹੁੰਚੀ ਸੰਗਤ ਦਾ ਕਹਿਣਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਸਰਕਾਰ ਵਲੋਂ ਲਾਂਘਾ ਖੋਲ੍ਹ ਦਿੱਤਾ ਗਿਆ ਹੈ। ਇਸ ਨਾਲ ਉਹ ਬਾਬੇ ਨਾਨਕ ਦੀ ਧਰਤੀ 'ਤੇ ਹੁਣ ਨਤਮਸਤਕ ਹੋ ਸਕਣਗੇ।
ਇਹ ਵੀ ਪੜ੍ਹੋ : 18 ਨੂੰ ਕਰਤਾਰਪੁਰ ਸਾਹਿਬ ਜਾਵੇਗੀ ਪੰਜਾਬ ਕੈਬਨਿਟ ਦੀ ਟੀਮ