ਬਰਨਾਲਾ: ਬੀਤੇ ਦਿਨੀਂ ਆਪਣੀ ਘੱਟ ਤਨਖ਼ਾਹ ਦੀ ਸਮੱਸਿਆ ਤੋਂ ਦੁਖੀ ਹੋ ਕੇ ਬਰਨਾਲਾ ਜ਼ਿਲ੍ਹੇ ਦੀ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਰੁਪਿੰਦਰ ਕੌਰ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਇਹ ਅਧਿਆਪਕਾ ਇੱਕ ਈਜੀਐਸ ਅਧਿਆਪਕਾ ਹੈ। ਜਿਸਤੋਂ ਬਾਅਦ ਹੁਣ ਈਜੀਐਸ ਅਧਿਆਪਕਾਂ ਦੀ ਜੱਥੇਬੰਦੀ ਐਕਸ਼ਨ ਵਿੱਚ ਆ ਗਈ ਹੈ। ਜਿਸ ਤਹਿਤ ਅੱਜ ਬਰਨਾਲਾ ਵਿਖੇ ਇਸ ਜੱਥੇਬੰਦੀ ਦੀ ਮੀਟਿੰਗ ਹੋਈ ਅਤੇ ਪੰਜਾਬ ਸਰਕਾਰ ਖਾਸ ਕਰਕੇ ਸਿੱਖਿਆ ਮੰਤਰੀ ਮੀਤ ਹੇਅਰ ਵਿਰੁੱਧ ਸੰਘਰਸ਼ ਦਾ ਐਲਾਨ ਕਰ ਦਿਤਾ ਗਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਈਜੀਐਸ ਜੱਥੇਬੰਦੀ ਦੇ ਅਧਿਆਪਕ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਸਿਰਫ਼ 6 ਹਜ਼ਾਰ ਤਨਖ਼ਾਹ 'ਤੇ ਕੰਮ ਕਰਦੇ ਆ ਰਹੇ ਹਨ। ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਉਹਨਾਂ ਦੀ ਕੋਈ ਸੁਣਵਾਈ ਨਹੀਂ ਕੀਤੀ, ਜਿਸਤੋਂ ਦੁਖੀ ਹੋ ਕੇ ਉਹਨਾਂ ਨੇ ਇਸ ਵਾਰ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਪੂਰਾ ਸਾਥ ਦਿੱਤਾ। ਪ੍ਰੰਤੂ ਇਹ ਸਰਕਾਰ ਵੀ ਸਾਡੀ ਕੋਈ ਸੁਣਵਾਈ ਨਹੀਂ ਕਰ ਰਹੀ।
ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਉਹਨਾਂ ਦੇ ਰੋਸ ਧਰਨਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਮੀਤ ਹੇਅਰ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਉਹਨਾਂ ਨੂੰ ਦਿੱਲੀ ਸਰਕਾਰ ਦੀ ਤਰਜ਼ 'ਤੇ 36 ਹਜ਼ਾਰ ਤਨਖਾਹ ਦੇਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਹੁਣ ਤੱਕ ਸਰਕਾਰ ਦੀਆ ਤਿੰਨ ਮੀਟਿੰਗਾਂ ਹੋ ਚੁੱਕੀਆਂ ਹਨ। ਪ੍ਰੰਤੂ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋਈ।
ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਸੰਪਰਕ ਕਰਨ ਦੀ ਕੋਸਿ਼ਸ਼ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਓਐਸਡੀ ਫ਼ੋਨ ਚੁੱਕਣ ਤੋਂ ਵੀ ਕਿਨਾਰਾ ਕਰ ਗਏ ਹਨ। ਉਹਨਾਂ ਕਿਹਾ ਕਿ ਇੰਨੀ ਮਹਿੰਗਾਈ ਦੇ ਦੌਰ ਵਿੱਚ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਨਹੀਂ ਕਰ ਸਕਦੇ। ਜਿਸ ਕਰਕੇ ਸਰਕਾਰ ਉਹਨਾਂ ਨਾਲ ਤੁਰੰਤ ਮੀਟਿੰਗ ਕਰਕੇ ਇੱਕ ਸਮਾਂਬੱਧ ਭਰੋਸਾ ਦੇਵੇ। ਜੇਕਰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਗੁਪਤ ਐਕਸ਼ਨ ਕਰਕੇ ਵੱਡੇ ਰੋਸ ਪ੍ਰਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ, ਕਹੀਆਂ ਇਹ ਵੱਡੀਆਂ ਗੱਲਾਂ...