ਬਰਨਾਲਾ : ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਇਕੱਠੇ ਹੋ ਕੇ ਸਕੂਲਾਂ ਵੱਲੋਂ ਮੰਗੀ ਜਾ ਰਹੀ ਫ਼ੀਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਬੱਚਿਆਂ ਦੇ ਮਾਪਿਆਂ ਵੱਲੋਂ ਇੱਕ ਐਕਸ਼ਨ ਕਮੇਟੀ ਬਣਾ ਕੇ ਸੰਘਰਸ਼ ਲੜਨ ਦੀ ਤਿਆਰੀ ਵਿੱਢ ਦਿੱਤੀ ਗਈ ਹੈ ਮਾਪਿਆਂ ਨੇ ਕਿਹਾ ਕਿ ਜੇਕਰ ਪ੍ਰਾਈਵੇਟ ਸਕੂਲ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨਾਲ ਖਿੜਵਾੜ ਕਰਨਗੇ ਤਾਂ ਉਹ ਸੂਬਾ ਪੱਧਰ 'ਤੇ ਸੰਘਰਸ਼ ਕਰਨਗੇ। ਐਕਸ਼ਨ ਕਮੇਟੀ ਵਿੱਚ ਕਿਸਾਨ ਜਥੇਬੰਦੀਆਂ, ਅਧਿਆਪਕ ਯੂਨੀਅਨ ਤੋਂ ਇਲਾਵਾ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਐਕਸ਼ਨ ਕਮੇਟੀ ਦੀ ਹਮਾਇਤ 'ਤੇ ਆਏ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਪ੍ਰਧਾਨ ਨਰਾਇਣ ਦੱਤ ਨੇ ਕਿਹਾ ਕਿ ਬਰਨਾਲਾ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਤੋਂ ਫੀਸਾਂ ਮੰਗੀਆਂ ਜਾ ਰਹੀਆਂ ਹਨ। ਜਿਸ ਦੇ ਵਿਰੋਧ ਵਿੱਚ ਮਾਪਿਆਂ ਵੱਲੋਂ ਇਕੱਠ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੌਕਡਾਊਨ ਦੇ ਕਾਰਨ ਸਕੂਲ ਪਿਛਲੇ ਤਿੰਨ ਮਹੀਨਿਆਂ ਤੋਂ ਬੰਦ ਹਨ। ਜਿਸ ਕਰਕੇ ਬੱਚੇ ਸਕੂਲ ਹੀ ਨਹੀਂ ਗਏ, ਪਰ ਸਕੂਲ ਪ੍ਰਬੰਧਕਾਂ ਵੱਲੋਂ ਬਿਨਾਂ ਕਿਸੇ ਖਰਚੇ ਤੋਂ ਬੱਚਿਆਂ ਦੇ ਮਾਪਿਆਂ ਤੋਂ ਫੀਸਾਂ ਮੰਗੀਆਂ ਜਾ ਰਹੀਆਂ ਹਨ, ਜੋ ਗਲਤ ਹੈ। ਉਨ੍ਹਾਂ ਕਿਹਾ ਕਿ ਅੱਜ ਇੱਕ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਮੰਗੀ ਜਾ ਰਹੀ ਫ਼ੀਸ ਦਾ ਵਿਰੋਧ ਸ਼ੁਰੂ ਕੀਤਾ ਗਿਆ ਹੈ। ਉਹ ਆਪਣੀਆਂ ਜਥੇਬੰਦੀਆਂ ਵੱਲੋਂ ਮਾਪਿਆਂ ਦਾ ਸਾਥ ਦੇਣਗੇ ਅਤੇ ਇਸ ਸੰਘਰਸ਼ ਨੂੰ ਸੂਬਾ ਪੱਧਰ ਤੇ ਲੈ ਕੇ ਜਾਣ ਜਾਣਗੇ।
ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਕਰੋਨਾ ਵਾਇਰਸ ਕਾਰਨ ਲੋਕਡਾਊਣ ਹੋਣ ਕਾਰਨ ਉਨ੍ਹਾਂ ਦੇ ਹਰ ਤਰ੍ਹਾਂ ਦੇ ਕੰਮ ਪੂਰੀ ਤਰ੍ਹਾਂ ਠੱਪ ਰਹੇ ਹਨ। ਪ੍ਰੰਤੂ ਪ੍ਰਾਈਵੇਟ ਸਕੂਲਾਂ ਵਾਲੇ ਬੱਚਿਆਂ ਦੀਆਂ ਫ਼ੀਸਾਂ ਮੰਗ ਰਹੇ ਹਨ। ਕਿਉਂਕਿ ਤਿੰਨ ਮਹੀਨੇ ਤੋਂ ਬੱਚੇ ਸਕੂਲ ਹੀ ਨਹੀਂ ਗਏ ਤਾਂ ਫੀਸ ਕਿਸ ਗੱਲ ਦੀ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਸਕੂਲਾਂ ਵੱਲੋਂ ਬੱਚਿਆਂ ਨੂੰ ਘਰ ਬੈਠੇ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ, ਜਿਸ ਕਾਰਨ ਮਾਪਿਆਂ ਨੂੰ ਪਹਿਲਾਂ ਹੀ ਖਰਚੇ ਝੱਲਣੇ ਪੈ ਰਹੇ ਹਨ। ਕਿਉਂਕਿ ਆਨਲਾਈਨ ਪੜ੍ਹਾਈ ਕਰਵਾਉਣ ਲਈ ਬੱਚਿਆਂ ਨੂੰ ਸਮਾਰਟਫੋਨ ਲੈ ਕੇ ਦੇਣੇ ਪਏ ਹਨ ਅਤੇ ਇੰਟਰਨੈੱਟ ਦੇ ਖਰਚੇ ਵੀ ਝੱਲਣੇ ਪਏ ਹਨ। ਉਨ੍ਹਾਂ ਕਿਹਾ ਕਿ ਅੱਜ ਇਕੱਠੇ ਹੋ ਕੇ ਬੱਚਿਆਂ ਦੇ ਮਾਪਿਆਂ ਦੀ ਐਕਸ਼ਨ ਕਮੇਟੀ ਬਣਾਈ ਗਈ ਹੈ, ਜੋ ਜ਼ਿਲ੍ਹੇ ਦੇ ਘਰ ਘਰ ਇਸ ਮਹਿੰਮ ਨੂੰ ਲੈ ਕੇ ਜਾਵੇਗੀ ਅਤੇ ਪ੍ਰਾਈਵੇਟ ਸਕੂਲਾਂ ਦੀ ਇਸ ਲੁੱਟ ਦਾ ਵੱਲ ਜੋੜ ਕੇ ਵਿਰੋਧ ਕੀਤਾ ਜਾਵੇਗਾ।