ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਮੰਗਲਵਾਰ ਨੂੰ ਬਰਨਾਲਾ ਵਿਖੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੋਗਲੀ ਨੀਤੀ ਅਪਣਾ ਰਿਹਾ ਹੈ। ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਨੇ ਆਰਡੀਨੈਂਸਾਂ ਦੀ ਹਮਾਇਤ ਕਰਕੇ ਕਿਸਾਨਾਂ ਦੇ ਹਿੱਤ ਪਿੱਛੇ ਛੱਡ ਦਿੱਤੇ ਅਤੇ ਆਪਣੇ ਨਿੱਜੀ ਹਿੱਤ ਅੱਗੇ ਰੱਖ ਲਏ ਹਨ।
ਇਸ ਦੇ ਨਾਲ ਹੀ ਢੀਂਡਸਾ ਨੇ ਕਿਹਾ ਉਨ੍ਹਾਂ ਨੂੰ ਲੱਗਦਾ ਹੈ ਕਿ ਕੇਂਦਰ ਨੇ ਇਹ ਆਰਡੀਨੈਂਸ ਲਿਆਉਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਵਰਗੇ ਆਗੂਆਂ ਨੂੰ ਵੀ ਭਰੋਸੇ ਵਿੱਚ ਨਹੀਂ ਲਿਆ। ਇਹੀ ਵਿਵਾਦ ਸੁਖਦੇਵ ਸਿੰਘ ਢੀਂਡਸਾ ਦਾ ਬਾਦਲ ਪਰਿਵਾਰ ਨਾਲ ਸੀ। ਉਨ੍ਹਾਂ ਕਿਹਾ ਕਿ ਜੇਕਰ ਖੇਤੀ ਆਰਡੀਨੈਂਸ ਲਾਗੂ ਹੁੰਦੇ ਹਨ ਤਾਂ ਪੰਜਾਬ ਦੀ ਕਿਸਾਨੀ ਬਿਲਕੁਲ ਬਰਬਾਦ ਹੋ ਜਾਵੇਗੀ, ਕਿਉਂਕਿ ਇਨ੍ਹਾਂ ਆਰਡੀਨੈਂਸਾਂ ਦੀ ਲਾਗੂ ਹੋਣ ਨਾਲ ਫਸਲਾਂ ਦਾ ਐਮਐਸਪੀ ਬਿਲਕੁਲ ਖ਼ਤਮ ਕਰ ਦਿੱਤੀ ਜਾਵੇਗੀ।
ਸੁਖਬੀਰ ਬਾਦਲ ਵੱਲੋਂ ਡੇਰਾ ਸਰਸਾ ਮੁਖੀ ਨੂੰ ਪੋਸ਼ਾਕ ਦਿੱਤੇ ਜਾਣ ਦੇ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਕਿਉਂਕਿ ਇਸ ਮਾਮਲੇ ਦੇ ਕਈ ਪੱਖ ਹਨ, ਜਿਸ ਵਿੱਚ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦਿੱਤੇ ਜਾਣ ਦਾ ਮਾਮਲਾ ਵੀ ਮੁੱਖ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਗ੍ਰਹਿ ਮੰਤਰੀ ਹੁੰਦਿਆਂ ਡੇਰਾ ਸਿਰਸਾ ਮੁਖੀ ਦੀ ਪੋਸ਼ਾਕ ਮਾਮਲੇ ਦੀ ਫਾਈਲ ਬੰਦ ਕਿਉਂ ਕੀਤੀ, ਇਸ ਦਾ ਜਵਾਬ ਉਨ੍ਹਾਂ ਨੂੰ ਦੇਣਾ ਚਾਹੀਦਾ ਹੈ।
ਇਹ ਵੀ ਪੜੋ: SYL ਮੁੱਦੇ 'ਤੇ ਪੰਜਾਬ ਤੇ ਹਰਿਆਣਾ ਦੇ ਸੀਐਮ ਬੈਠ ਕੇ ਕਰਨ ਗੱਲ: SC