ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਤਹਿਤ 26 ਜਨਵਰੀ ਨੂੰ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਟਰੈਕਟਰ ਟਰਾਲੀਆਂ ਅਤੇ ਆਪੋ ਆਪਣੇ ਸਾਧਨਾਂ ਰਾਹੀਂ ਦਿੱਲੀ ਨੂੰ ਰਵਾਨਾ ਹੋ ਰਹੇ ਹਨ।
ਕਿਸਾਨ ਅੰਦੋਲਨ ਦਾ ਬਰਨਾਲਾ ਦੇ ਪਿੰਡ ਅਸਪਾਲ ਖੁਰਦ ਦੇ ਕਿਸਾਨ ਰਾਮ ਸਿੰਘ ਸਿਰ ਅਜਿਹਾ ਜਨੂੰਨ ਸਵਾਰ ਹੋਇਆ ਕਿ ਉਹ ਆਪਣੀ ਸਕੂਟਰੀ ਤੇ ਹੀ ਦਿੱਲੀ ਨੂੰ ਰਵਾਨਾ ਹੋ ਗਿਆ। ਕਿਸਾਨ ਯੂਨੀਅਨ ਉਗਰਾਹਾਂ ਦਾ ਮੈਂਬਰ ਰਾਮ ਸਿੰਘ ਆਪਣੀ ਸਕੂਟਰੀ 'ਤੇ ਕਿਸਾਨ ਜਥੇਬੰਦੀ ਦਾ ਝੰਡਾ ਲੱਗਾ ਕੇ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਦਿੱਲੀ ਗਿਆ ਹੈ।
ਸਾਡੇ ਹੌਂਸਲੇ ਬੁਲੰਦ
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਰਾਮ ਸਿੰਘ ਨੇ ਕਿਹਾ ਕਿ ਉਹ ਭਾਵੇਂ ਸਰੀਰਕ ਤੌਰ ਤੇ ਠੀਕ ਨਹੀਂ ਹੈ, ਪਰ ਮਾਨਸਿਕ ਤੌਰ 'ਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹੈ ਅਤੇ ਕੇਂਦਰ ਸਰਕਾਰ ਦੇ ਜਾਰੀ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ, ਜਿਸ ਵਿੱਚ ਸ਼ਾਮਲ ਹੋਣ ਲਈ ਉਹ ਆਪਣੀ ਸਕੂਟਰੀ ਤੇ ਹੀ ਦਿੱਲੀ ਜਾ ਰਿਹਾ ਹੈ। ਸਕੂਟਰੀ ਤੇ ਸਵਾਰ ਹੋ ਕੇ ਉਹ ਟਰੈਕਟਰ ਪਰੇਡ ਦਾ ਵੀ ਹਿੱਸਾ ਬਣੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਆਉਂਦੇ ਉਹ ਵਾਪਸ ਪਰਤਣ ਵਾਲੇ ਨਹੀਂ ਹਨ।