ਬਰਨਾਲਾ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਭਾਜਪਾ ਵਰਕਰਾਂ ਨੇ ਅੱਜ ਬਰਨਾਲਾ ਵਿਖੇ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਆਗੂਆਂ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਦੋਸ਼ੀ ਕਾਂਗਰਸੀ ਆਗੂਆਂ ਵਿਰੁੱਧ ਕਾਰਵਾਈ ਨਾ ਹੋਈ ਤਾਂ ਉਹ ਆਉਣ ਵਾਲੀ 21 ਅਗਸਤ ਨੂੰ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਦਾ ਘਿਰਾਓ ਕਰਕੇ ਸੰਘਰਸ਼ ਕਰਨਗੇ।
ਓਵਰਡੋਜ਼ ਕਾਰਨ ਨੌਜਵਾਨਾਂ ਦੀ ਹੋ ਰਹੀ ਮੌਤ
ਇਸ ਸਬੰਧੀ ਰੋਸ ਪ੍ਰਦਰਸ਼ਨ ਕਰ ਰਹੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਜਨਰਲ ਸੈਕਟਰੀ ਪਰਮਿੰਦਰ ਖੁਰਮੀ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ 4 ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦੀ ਗੱਲ ਆਖੀ ਸੀ, ਪਰ ਅੱਜ ਪੰਜਾਬ ਵਿੱਚ ਰੋਜ਼ਾਨਾ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਮਾਝਾ ਇਲਾਕੇ ਵਿੱਚ ਸਭ ਤੋਂ ਵੱਡੀ ਘਟਨਾ ਵਾਪਰੀ ਹੈ, ਜਿੱਥੇ ਜ਼ਹਿਰੀਲੀ ਸ਼ਰਾਬ ਪੀਣ ਨਾਲ 120 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ।
ਕਾਂਗਰਸੀ ਵਿਧਾਇਕ 'ਤੇ ਕੀਤੀ ਜਾਵੇ ਕਾਰਵਾਈ
ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵੱਲੋਂ ਸ਼ਰਾਬ ਮਾਫੀਆ ਨੂੰ ਸ਼ਹਿ ਦਿੱਤੀ ਜਾ ਰਹੀ ਹੈ। ਸ਼ਰਾਬ ਮਾਫੀਆ 'ਤੇ ਕਾਰਵਾਈ ਕਰਨ ਵਾਲੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ 'ਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ, ਸ਼ਰੇਆਮ ਕਾਂਗਰਸੀ ਲੀਡਰਾਂ ਦੀ ਸ਼ਹਿ 'ਤੇ ਨਸ਼ਾ ਵਿਕ ਰਿਹਾ ਹੈ।
21 ਅਗਸਤ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਭਾਜਪਾ ਦੇ ਜ਼ਿਲ੍ਹਾ ਜਨਰਲ ਸੈਕਟਰੀ ਪਰਮਿੰਦਰ ਖੁਰਮੀ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਦੋਸ਼ੀ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਵਿਰੁੱਧ ਕਾਰਵਾਈ ਨਾ ਕੀਤੀ ਗਈ ਤਾਂ 21 ਅਗਸਤ ਨੂੰ ਪੂਰੇ ਪੰਜਾਬ ਦੇ ਡੀਸੀ ਦਫ਼ਤਰਾਂ ਦਾ ਘਿਰਾਓ ਕਰਕੇ ਭਾਰਤੀ ਜਨਤਾ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।