ਬਰਨਾਲਾ: ਜ਼ਿਲ੍ਹੇ ਦੇ ਪਿੰਡ ਧਨੌਲਾ ਦੇ 25 ਸਾਲਾ ਨੌਜਵਾਨ ਗਗਨਦੀਪ ਦੀ ਨਸ਼ੇ ਦੀ ਓਵਰਡੋਜ ਨਾਲ ਬੀਤੇ ਦਿਨੀਂ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਮੁਹੱਲਾ ਨਿਵਾਸੀਆਂ ਨੇ ਨਸ਼ਾ ਤਸਕਰਾਂ ਖਿਲਾਫ ਮੋਰਚਾ ਖੋਲ ਦਿੱਤਾ ਸੀ। ਲੋਕਾਂ ਦੇ ਦਬਾਅ ਤੋਂ ਬਾਅਦ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਔਰਤ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਦੂਜੇ ਪਾਸੇ ਮਾਮਲੇ ਸਬੰਧੀ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਨਸ਼ੇ ਦੀ ਓਵਰਡੋਜ਼ ਕਾਰਨ ਇਹ ਕੋਈ ਪਹਿਲੀ ਮੌਤ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇਸ ਇਲਾਕੇ 'ਚ ਨਸ਼ੇ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਇਸ 'ਤੇ ਕੁਝ ਕਰਨ ਨੂੰ ਤਿਆਰ ਨਹੀਂ ਹੈ।
ਉਧਰ ਇਸ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ 5 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਨਸ਼ੇ ਦਾ ਕਾਰੋਬਾਰ ਕਰਨ ਵਾਲੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਪਰ 4 ਲੋਕ ਅਜੇ ਤੱਕ ਪੁਲਿਸ ਦੀ ਗ੍ਰਿਫਤ ਤੋਂ ਦੂਰ ਹਨ। ਜਾਂਚ ਪੁਲਿਸ ਅਧਿਕਾਰੀ ਨੇ ਕਿਹਾ ਕਿ ਗ੍ਰਿਫਤਾਰ ਔਰਤ ਦਾ 1 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਕਾਬਿਲੇਗੌਰ ਹੈ ਕਿ ਮ੍ਰਿਤਕ ਨੌਜਵਾਨ ਪੰਜਾਬੀ ਫਿਲਮ ਇੰਡਸਟਰੀ ਵਿੱਚ ਮੇਕਅਪ ਆਰਟਿਸਟ ਦਾ ਕੰਮ ਕਰਦਾ ਸੀ ਅਤੇ ਕੁਝ ਸਮਾਂ ਪਹਿਲਾਂ ਨਸ਼ਿਆਂ ਖਿਲਾਫ ਇੱਕ ਟੈਲੀ ਫਿਲਮ ਵੀ ਬਣਾਈ ਸੀ ਅਤੇ ਅੱਜ ਉਹ ਖੁਦ ਨਸ਼ੇ ਦਾ ਸ਼ਿਕਾਰ ਹੋ ਗਿਆ।
ਇਹ ਵੀ ਪੜੋ: ਪਿੰਡ ‘ਚ ਚੱਲ ਰਹੀ ਫੈਕਟਰੀ ਦਾ ਬੁਆਇਲਰ ਫਟਣ ਨਾਲ ਵੱਡਾ ਹਾਦਸਾ, 2 ਵਰਕਰ ਹੋਏ ਜ਼ਖ਼ਮੀ