ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਇੱਕ ਆਗੂ ਨੂੰ ਅਸ਼ਲੀਲ ਤਸਵੀਰਾਂ ਦੇ ਦਮ 'ਤੇ ਬਲੈਕਮੇਲ ਕਰਨ ਦੇ ਦੋਸ਼ਾਂ ਵਿੱਚ ਬਰਨਾਲਾ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਤਿੰਨ ਔਰਤਾਂ ਸਮੇਤ ਕੁੱਲ ਪੰਜ ਲੋਕਾਂ 'ਤੇ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਹੁਣ ਤੱਕ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ, ਜਦੋਂਕਿ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਅਜੇ ਫਰਾਰ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਬਰਨਾਲਾ ਦੇ ਐਸਐਚਓ ਬਲਜੀਤ ਸਿੰਘ ਨੇ ਦੱਸਿਆ ਕਿ ਪੀੜਤ ਵਿਅਕਤੀ ਨੇ ਬਰਨਾਲਾ ਦੇ ਐਸਐਸਪੀ ਨੂੰ ਮੁਲਜ਼ਮਾਂ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਐਸਐਸਪੀ ਬਰਨਾਲਾ ਦੇ ਨਿਰਦੇਸ਼ਾਂ 'ਤੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਕੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਇੱਕ ਮਹਿਲਾ ਅਜੇ ਵੀ ਫਰਾਰ ਹੈ। ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਹਨ।
ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੂੰ ਦੋਸ਼ੀਆਂ ਵੱਲੋਂ ਅਸ਼ਲੀਲ ਤਸਵੀਰਾਂ ਦੇ ਦਮ 'ਤੇ ਬਲੈਕਮੇਲ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਉਸ ਤੋਂ 20 ਹਜ਼ਾਰ ਰੁਪਏ ਨਕਦੀ ਵੀ ਖੋਹ ਲਈ ਗਈ ਸੀ। ਪੁਲਿਸ ਵੱਲੋਂ ਦੋ ਔਰਤਾਂ ਸਮੇਤ ਪੰਜ ਲੋਕਾਂ ਨੂੰ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ 4 ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਇਨ੍ਹਾਂ ਵਿੱਚੋਂ ਇੱਕ ਔਰਤ ਆਗੂ ਫਰਾਰ ਹੈ, ਜਿਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।