ਅੰਮ੍ਰਿਤਸਰ: ਸਥਾਨਕ ਕੇਂਦਰੀ ਜੇਲ੍ਹ ਵਿੱਚ ਇੱਕ ਵਿਅਕਤੀ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਮਜੀਠਾ ਹਲਕੇ ਦੇ ਵਸਨੀਕ ਬਲਜੀਤ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਧਾਰਾ 376 ਦੇ ਤਹਿਤ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਸੀ।
ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦ ਬਲਜੀਤ ਸਿੰਘ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਤਾਂ ਉਨ੍ਹਾਂ ਨੂੰ ਕਾਫ਼ੀ ਸਮੇਂ ਤੋਂ ਬਾਅਦ ਬਲਜੀਤ ਦੀ ਮੌਤ ਬਾਰੇ ਦੱਸਿਆ ਗਿਆ ਹੈ। ਉਨ੍ਹਾਂ ਕਹਿਣਾ ਹੈ ਕਿ ਜੇਲ੍ਹ ਵਿੱਚ ਕੁਝ ਅਜਿਹਾ ਵਾਪਰਿਆ ਹੈ, ਜਿਸ ਬਾਰੇ ਹਾਲੇ ਤੱਕ ਪਰਿਵਾਰ ਵਾਲਿਆਂ ਨੂੰ ਨਹੀਂ ਦੱਸਿਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਇਸ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਲਜੀਤ ਸਿੰਘ ਵੱਲੋਂ ਜੇਲ੍ਹ ਵਿੱਚ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮ੍ਰਿਤਕ ਦੀ ਮੌਤ ਦਾ ਕੋਈ ਹੋਰ ਕਾਰਨ ਰਿਹਾ ਹੈ ਤਾਂ ਉਸ ਦੀ ਵੀ ਜਾਂਚ ਕੀਤੀ ਜਾਵੇਗੀ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।