ਬਰਨਾਲਾ: ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਇੱਕ ਸਾਲ ਬਾਅਦ ਵੀ ਕਈ ਵਿਭਾਗਾਂ ਦੇ ਕਰਮਚਾਰੀਆਂ ਦੇ ਮਸਲੇ ਜਿਉਂ ਦੀ ਤਿਉਂ ਲਟਕ ਰਹੇ ਹਨ। ਜਿਸ ਤਹਿਤ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਆਪਣਾ ਸੰਘਰਸ਼ ਅਤੇ ਰੋਸ ਰੈਲੀਆਂ ਕਰ ਰਹੇ ਹਨ। ਇਸੇ ਤਹਿਤ ਬਰਨਾਲਾ ਦੇ ਪੀਆਰਟੀਸੀ ਬੱਸ ਦੇ ਮੁਲਾਜਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੀਆਰਟੀਸੀ ਦੀ ਵਰਕਸ਼ਾਪ ਵਿੱਚ ਗੇਟ ਰੈਲੀ ਕੀਤੀ ਗਈ। ਮੁਲਾਜ਼ਮਾਂ ਨੇ ਸਰਕਾਰ ਤੇ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼ ਲਗਾਏ।
ਇਹ ਵੀ ਪੜੋ: Complaint Against Amritpal Singh: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤ, ਰਾਮ ਰਹੀਮ ਲਈ ਮੰਗੀ ਸੁਰੱਖਿਆ
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ./ਪਨਬੱਸ ਦੇ ਠੇਕਾ ਕਾਮਿਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸਨ, ਜੋ ਇੱਕ ਸਾਲ ਬਾਅਦ ਵੀ ਪੂਰੇ ਨਹੀਂ ਕੀਤੇ ਜਾ ਰਹੇ। ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਸਰਕਾਰ ਬਣਦਿਆਂ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਪੰਜਾਬ ਵਿੱਚ ਠੇਕੇਦਾਰੀ ਸਿਸਟਮ ਬੰਦ ਕਰ ਦਿੱਤਾ ਜਾਵੇਗਾ, ਪਰ ਅੱਜ ਪੰਜਾਬ ਸਰਕਾਰ ਸਾਰੇ ਵਾਅਦਿਆਂ ਤੋਂ ਮੁਕਰਦੀ ਨਜ਼ਰ ਆ ਰਹੀ ਹੈ। ਠੇਕਾ ਪ੍ਰਣਾਲੀ ਖ਼ਤਮ ਕਰਨ ਤਹਿਤ ਸਰਕਾਰ ਪਹਿਲਾਂ ਤੋਂ ਠੇਕਾ ਸਿਸਟਮ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕਰ ਰਹੀ। ਜਦਕਿ ਪੁਰਾਣੇ ਵਰਕਰਾਂ ਨੂੰ ਹਟਾਉਣ ਅਤੇ ਨਵਿਆਂ ਨੂੰ ਰੱਖ ਰਹੀ ਹੈ, ਜੋ ਸਰਾਸਰ ਧੱਕਾ ਹੈ।
ਇਸੇ ਰੋਸ ਦੇ ਚੱਲਦਿਆਂ ਪੰਜਾਬ ਰੋਡਵੇਜ਼, ਪੀ.ਆਰ.ਟੀ.ਸੀ ਅਤੇ ਪਨਬਸ ਦੇ ਠੇਕਾ ਕਾਮਿਆਂ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਣ ਦੇ ਬਾਵਜੂਦ ਸਰਕਾਰ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਇਸੇ ਤਰ੍ਹਾਂ ਅਣਗੌਲਿਆ ਕਰਦੀ ਰਹੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।