ਬਰਨਾਲਾ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਸੂਬੇ ਵਿਚਲੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸ ਨੂੰ ਲੈਕੇ ਪ੍ਰਾਈਵੇਟ ਸਕੂਲਾਂ ਵਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬਰਨਾਲਾ 'ਚ ਵੀ ਸਕੂਲ ਖੋਲ੍ਹਣ ਦੀ ਮੰਗ ਨੂੰ ਲੈਕੇ ਵੱਡੀ ਗਿਣਤੀ 'ਚ ਸਕੂਲ ਪ੍ਰਬੰਧਕਾਂ ਦੇ ਨਾਲ ਅਧਿਆਪਕ, ਵਿਦਿਆਰਥੀ, ਸਕੂਲ ਬੱਸ ਡਰਾਈਵਰਾਂ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਡੀ.ਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਸਰਕਾਰ ਕੋਰੋਨਾ ਦੇ ਨਾਮ 'ਤੇ ਲੋਕਾਂ 'ਚ ਡਰ ਪੈਦਾ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਕੋਰੋਨਾ ਕਾਰਨ ਸਕੂਲ ਬੰਦ ਕਰ ਦਿੱਤੇ ਗਏ ਜਦਕਿ ਸ਼ਰਾਬ ਠੇਕੇ, ਸ਼ਾਪਿੰਗ ਮਾਲ, ਸਿਨੇਮਾ ਆਦਿ ਖੁੱਲ੍ਹੇ ਰੱਖੇ ਗਏ ਹਨ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਕਿ ਸਰਕਾਰ ਜਿਥੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ, ਉਥੇ ਹੀ ਕਈ ਲੋਕਾਂ ਦਾ ਰੁਜ਼ਗਾਰ ਵੀ ਖ਼ਤਮ ਕਰ ਰਹੀ ਹੈ। ਅਧਿਆਪਕਾਂ ਦਾ ਕਹਿਣਾ ਕਿ ਬੱਚੇ ਆਨਲਾਈਨ ਪੜ੍ਹਾਈ 'ਚ ਚੰਗੀ ਤਰ੍ਹਾਂ ਧਿਆਨ ਨਹੀਂ ਲਗਾ ਪਾਉਂਦੇ, ਜਿਸ ਕਾਰਨ ਸਰਕਾਰ ਨੂੰ ਸਕੂਲ ਖੋਲ੍ਹ ਦੇਣੇ ਚਾਹੀਦੇ ਹਨ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਵਿਦਿਆਰਥੀਆਂ ਵਲੋਂ ਵੀ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਤੋਂ ਸਕੂਲ ਖੋਲ੍ਹਣ ਦੀ ਮੰਗ ਕੀਤੀ। ਵਿਦਿਆਰਥੀਆਂ ਦਾ ਕਹਿਣਾ ਕਿ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ ,ਜਿਸ ਕਾਰਨ ਸਰਕਾਰ ਨੂੰ ਸਕੂਲ ਖੋਲ੍ਹਣੇ ਚਾਹੀਦੇ ਹਨ।
ਇਹ ਵੀ ਪੜ੍ਹੋ:ਖੇਤੀ ਕਾਨੂੰਨਾਂ ਖਿਲਾਫ਼ ਮਟਕਾ ਚੌਂਕ 'ਤੇ ਬਜ਼ੁਰਗ ਵਲੋਂ 6 ਫਰਵਰੀ ਤੋਂ ਧਰਨਾ ਜਾਰੀ