ਬਰਨਾਲਾ: ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਨਜ਼ਰਬੰਦ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਰਨਾਲਾ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੇ ਕਚਹਿਰੀ ਚੌਂਕ ਤੋਂ ਲੈ ਕੇ ਡੀਸੀ ਬਰਨਾਲਾ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਅਤੇ ਡੀਸੀ ਦਫ਼ਤਰ ਅੱਗੇ ਘਿਰਾਓ ਕਰਕੇ ਪ੍ਰਦਰਸ਼ਨ ਵੀ ਕੀਤਾ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਨੇਕਾਂ ਸਿੱਖ ਆਪਣੀਆ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਉਹਨਾਂ ਨੂੰ ਕੇਂਦਰ ਸਰਕਾਰ ਵਲੋਂ ਰਿਹਾਅ ਨਹੀਂ ਕੀਤਾ ਜਾ ਰਿਹਾ। ਉਹਨਾਂ ਇਸ ਮੰਗ ਨੂੰ ਲੈ ਕੇ ਸੰਘਰਸ ਤੇਜ ਅਤੇ ਤਿੱਖਾ ਕਰਨ ਦੀ ਵੀ ਚੇਤਾਵਨੀ ਦਿੱਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬਾਨ ਦੇ ਹੁਕਮ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸੱਦੇ 'ਤੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਐਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਵਿੱਚ ਅੱਜ ਰੋਸ ਮਾਰਚ ਅਤੇ ਪ੍ਰਦਰਸ਼ਨ ਕਰਕੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਗਏ ਹਨ ਕਿ ਜਿਹੜੇ ਸਿੰਘ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਹਨਾਂ ਨੂੰ ਰਿਹਾਅ ਕੀਤਾ ਜਾਵੇ।

ਉਹਨਾਂ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਜਿਸ ਵਿਅਕਤੀ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਉਸਨੂੰ ਇੱਕ ਮਿੰਟ ਲਈ ਵੀ ਜੇਲ੍ਹ ਵਿੱਚ ਨਜ਼ਰਬੰਦ ਨਹੀਂ ਰੱਖਿਆ ਜਾ ਸਕਦਾ। ਪਰ ਦੂਜੇ ਪਾਸੇ ਸਿੱਖਾਂ ਨੂੰ ਸਜ਼ਾ ਪੂਰੀ ਹੋਣ ਦੇ ਬਾਵਜੂਦ ਰਿਹਾਅ ਨਹੀਂ ਕੀਤਾ ਜਾ ਰਿਹਾ।


ਉਹਨਾਂ ਕਿਹਾ ਕਿ ਇੱਕ ਪਾਸੇ ਰਾਜੀਵ ਗਾਂਧੀ ਦੇ ਕਾਤਲਾਂ ਅਤੇ ਹੋਰ ਸਿਆਸੀ ਕੈਦੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਪਰ ਦੂਜੇ ਪਾਸੇ ਸਿੱਖਾਂ ਲਈ ਦੋਗਲਾ ਕਾਨੂੰਨ ਹੈ। ਇਸ ਕਰਕੇ ਉਹਨਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਜੇਕਰ ਕੇਂਦਰ ਸਰਕਾਰ ਨੇ ਸਿੱਖਾਂ ਦੀ ਇਸ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਇਹ ਸੰਘਰਸ਼ ਹੋਰ ਤੇਜ਼ ਅਤੇ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ ਪੰਜ ਹਜ਼ਾਰ ਤੋਂ ਵੱਧ ਕੱਚੇ ਅਧਿਆਪਕ ਮੁੱਖ ਮੰਤਰੀ ਨੂੰ ਸੌਂਪਣਗੇ ਅਸਤੀਫ਼ੇ