ਬਰਨਾਲਾ: ਪੰਜਾਬ ਵਿੱਚ ਜਿੱਥੇ ਇੱਕ ਪਾਸੇ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ, ਉੱਥੇ ਦੂਜੇ ਪਾਸੇ ਕੋਰੋਨਾ ਵਾਇਰਸ ਦੀਆਂ ਪਾਬੰਦੀਆਂ ਹਟਾ ਕੇ ਪੰਜਾਬ ਸਰਕਾਰ ਵੱਲੋਂ ਛੇਵੀਂ ਤੋਂ ਉਪਰਲੀਆਂ ਕਲਾਸਾਂ ਦੇ ਲਈ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਪਰ ਇਸ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਵੱਲੋਂ ਮੰਗ ਕੀਤੀ ਗਈ ਹੈ ਕਿ ਪਹਿਲੀ ਜਮਾਤ ਤੋਂ ਲੈ ਕੇ ਸਾਰੀਆਂ ਕਲਾਸਾਂ ਲਈ ਸਕੂਲਾਂ ਨੂੰ ਖੋਲ੍ਹਿਆ ਜਾਵੇ। ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਕੌਮੀ ਮਾਰਗਾਂ ਨੂੰ ਜਾਮ ਕਰਕੇ ਕਿਸਾਨਾਂ, ਔਰਤਾਂ, ਨੌਜਵਾਨਾਂ ਅਤੇ ਬੱਚਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਆੜ ਵਿੱਚ ਸਰਕਾਰ ਵੱਲੋਂ ਲਗਾਤਾਰ ਸਕੂਲਾਂ ਨੂੰ ਬੰਦ ਰੱਖਿਆ ਗਿਆ ਹੈ। ਜਿਸ ਕਰਕੇ ਬੱਚਿਆਂ ਦੀ ਪੜ੍ਹਾਈ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਰਿਹਾ ਹੈ ਭਾਵੇਂ ਸਰਕਾਰ ਨੇ ਛੇਵੀਂ ਕਲਾਸ ਤੋਂ ਸਕੂਲਾਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ, ਪਰ ਉਨ੍ਹਾਂ ਦੀ ਮੰਗ ਪਹਿਲੀ ਕਲਾਸ ਤੋਂ ਲੈ ਕੇ ਹੀ ਸਾਰੇ ਸਕੂਲ ਖੋਲ੍ਹਣ ਦੀ ਮੰਗ ਹੈ।
ਉਨ੍ਹਾਂ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਦਾ ਬਹਾਨਾ ਲਾ ਕੇ ਸਕੂਲ ਤਾਂ ਸਰਕਾਰ ਬੰਦ ਕਰ ਰਹੀ ਹੈ, ਪਰ ਵੋਟਾਂ ਲਈ ਸ਼ਰ੍ਹੇਆਮ ਰੈਲੀਆਂ, ਸ਼ਰਾਬ ਦੇ ਠੇਕੇ, ਪੈਲੇਸ, ਵਿਆਹ ਵਗੈਰਾ ਲਈ ਖੁੱਲ੍ਹੀ ਇਜਾਜ਼ਤ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਸੰਕੇਤਕ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਨੇ ਪਹਿਲੀ ਕਲਾਸ ਤੋਂ ਲੈ ਕੇ ਉੱਪਰ ਦੇ ਸਕੂਲਾਂ ਨੂੰ ਨਾ ਖੋਲ੍ਹਿਆ ਤਾਂ ਆਉਣ ਵਾਲੇ ਦਿਨਾਂ ’ਚ ਇਹ ਸੰਘਰਸ਼ ਹੋਰ ਤੇਜ਼ ਹੋਵੇਗਾ।
ਇਹ ਵੀ ਪੜੋ: ਪੰਜਾਬ ’ਚ ਮੁੜ ਖੁੱਲ੍ਹੇ ਸਕੂਲ, ਜਾਣੋ ਹੋਰ ਕਿਹੜੇ-ਕਿਹੜੇ ਸੂਬੇ ’ਚ ਖੋਲ੍ਹੇ ਗਏ ਸਕੂਲ-ਕਾਲਜ
ਪੰਜਾਬ ਚ ਮੁੜ ਖੁੱਲ੍ਹੋੇ ਸਕੂਲ
ਲੰਬੇ ਸਮੇਂ ਤੋਂ ਬਾਅਦ ਪੰਜਾਬ ਵਿੱਚ ਅੱਜ ਮੁੜ ਤੋਂ ਸਕੂਲ ਖੁੱਲ੍ਹ (Schools open in Punjab from today) ਗਏ ਹਨ। ਸਰਕਾਰ 7 ਫਰਵਰੀ ਯਾਨੀ ਅੱਜ ਤੋਂ 6ਵੀਂ ਜਮਾਤ ਤੋਂ ਉਪਰ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ, ਪਰ ਹਲਾਕਿ 5ਵੀਂ ਜਮਾਤ ਤੱਕ ਦੇ ਬੱਚਿਆ ਲਈ ਸਕੂਲ ਬੰਦ ਰਹਿਣਗੇ।