ਬਰਨਾਲਾ: 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਬਰਨਾਲਾ ਵਿਖੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰੀ ਅਧਿਆਪਕ ਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਪਹੁੰਚੇ ਹੋਏ ਸਨ। ਮੁਲਜ਼ਮਾਂ ਨੇ ਸਿਹਤ ਮੰਤਰੀ ਨਾਲ ਮੀਟਿੰਗ ਨਾ ਕਰਵਾਏ ਜਾਣ ਦੇ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਰੋਸ ਵਜੋਂ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ।
ਇਸ ਦੌਰਾਨ ਇੱਕ ਪ੍ਰਦਰਸ਼ਨਕਾਰੀ ਸਿਹਤ ਮੰਤਰੀ ਦੀ ਗੱਡੀ ਦੇ ਸਾਹਮਣੇ ਆ ਕੇ ਬੈਠ ਗਿਆ। ਜਿਸ ਮਗਰੋਂ ਪੁਲਿਸ ਤੇ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ। ਇਸ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਡੀਸੀ ਕੰਪਲੈਕਸ ਦੇ ਬਾਹਰ ਸੜਕ 'ਤੇ ਧਰਨਾ ਲਾ ਲਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਿਹਤ ਮੰਤਰੀ ਨਾਲ ਮੀਟਿੰਗ ਕਰਵਾਏ ਜਾਣ ਦਾ ਭਰੋਸਾ ਦਿੱਤਾ ਸੀ। ਅੱਜ ਗਣਤੰਤਰ ਦਿਵਸ ਦੇ ਪ੍ਰੋਗਰਾਮ ਮਗਰੋਂ ਜਦ ਉਨ੍ਹਾਂ ਸਿਹਤ ਮੰਤਰੀ ਨੂੰ ਮਿਲਣ ਦੀ ਅਪੀਲ ਕੀਤੀ ਤਾਂ ਅਧਿਕਾਰੀਆਂ ਨੇ ਜਵਾਬ ਦੇ ਦਿੱਤਾ। ਇਸ ਲਈ ਰੋਸ ਵਜੋਂ ਉਨ੍ਹਾਂ ਨੇ ਮੰਤਰੀ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਗਟਾਇਆ।
ਉਨ੍ਹਾਂ ਕਿਹਾ ਕਿ ਕਈ ਵਾਰ ਆਪਣੀ ਹੱਕੀ ਮੰਗਾਂ ਸਰਕਾਰ ਦੇ ਸਾਹਮਣੇ ਰੱਖ ਚੁੱਕੇ ਹਨ, ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।