ਬਰਨਾਲਾ: ਸੂਬੇ ਦੇ ਵਿੱਚ ਪੀਆਰੀਟੀਸੀ (PRTC) ਤੇ ਪਨਬੱਸ ਮੁਲਾਜ਼ਮਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੂਬਾ ਸਰਕਾਰ (State Government) ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਮੁਲਾਜ਼ਮਾਂ ਦੇ ਵੱਲੋਂ ਬੱਸਾਂ ਬੰਦ ਕਰ ਹੜਤਾਲ ਕੀਤੀ ਗਈ ਹੈ।ਬਰਨਾਲਾ ਦੇ ਵਿੱਚ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਭੜਾਸ ਕੱਢਦੇ ਹੋਏ ਟਰਾਂਸਪੋਰਟ ਮਾਫੀਆ ਬੰਦ ਕਰਨ , ਠੇਕੇਦਾਰੀ ਸਿਸਟਮ ਬੰਦ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਸਰਕਾਰੀ ਬੱਸਾਂ ਦਾ ਪ੍ਰਬੰਧ ਕਰਨ ਅਤੇ ਪੱਕੀ ਭਰਤੀ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਹੈ। ਇਹਨਾਂ ਸਾਰੀਆਂ ਮੰਗਾਂ ਨੂੰ ਲੈ ਕੇ ਕਈ ਸਾਲਾਂ ਤੋਂ ਠੇਕੇਦਾਰੀ ਸਿਸਟਮ ਵਿੱਚ ਕੰਮ ਕਰ ਰਹੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੇ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੇ ਗਏ ਤਹਿ ਪ੍ਰੋਗਰਾਮ ਦੇ ਤਹਿਤ 6 ਸਿਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮੌਕੇ ਉੱਤੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਹੜਤਾਲ ਅਣਮਿੱਥੇ ਸਮੇਂ ਲਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਸਾਰੇ ਆਪਣੇ ਪਰਿਵਾਰਾਂ ਨੂੰ ਲੈ ਕੇ ਧਰਨੇ ਉੱਤੇ ਬੈਠਣਗੇ ਅਤੇ ਸੜਕਾਂ ਜਾਮ ਕਰਗਨੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ 2022 ਵਿਧਾਨਸਭਾ ਦੀ ਚੋਣ ਵਿੱਚ ਕਾਂਗਰਸ ਸਰਕਾਰ ਨੂੰ ਇਸਦਾ ਖਾਮਿਆਜਾ ਭੁਗਤਣਾ ਪਵੇਗਾ।