ਬਰਨਾਲਾ: ਬਰਨਾਲਾ ਸ਼ਹਿਰ ਦੀ ਪੀਆਰਟੀਸੀ ਵਰਕਸ਼ਾਪ ਵਿੱਚ ਪਨਬੱਸ ਅਤੇ ਪੀਆਰਟੀਸੀ ਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ। ਇਸ ਮੌਕੇ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਉਹਨਾਂ ਨੂੰ ਇੱਕ ਦਿਨ ਵੀ ਇਸ ਸਰਕਾਰ ਵਿੱਚ ਤਨਖ਼ਾਹ ਸਮੇਂ ਸਿਰ ਨਹੀਂ ਮਿਲੀ।
ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ PRTC ਪਨਬੱਸ ਕੰਟਰੈਕਟ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਹਰ ਮਹੀਨੇ ਤਨਖਾਹਾਂ ਲੈਣ ਲਈ ਧਰਨਾ ਦੇਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ।
ਉਸ ਸਮੇਂ ਤੋਂ ਉਨ੍ਹਾਂ ਨੂੰ ਕਦੇ ਵੀ ਸਮੇਂ ਸਿਰ ਤਨਖ਼ਾਹ ਨਹੀਂ ਮਿਲੀ ਅਤੇ ਤਨਖ਼ਾਹ ਲੈਣ ਲਈ ਉਨ੍ਹਾਂ ਨੂੰ ਹਰ ਵਾਰ ਧਰਨੇ-ਮੁਜ਼ਾਹਰੇ ਕਰਨੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਨਿਕਲੀ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵੀ ਲਾਰੇ ਲਗਾਉਂਦੀਆਂ ਸਨ ਅਤੇ ਇਸ ਸਰਕਾਰ ਦਾ ਰਵੱਈਆ ਵੀ ਪਹਿਲਾਂ ਵਾਲੀਆਂ ਸਰਕਾਰਾਂ ਵਾਲਾ ਹੀ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਕਰਨ ਦਾ ਕੋਈ ਭਰੋਸਾ ਨਹੀਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਵਿੱਤ ਮੰਤਰੀ ਪੰਜਾਬ ਨਾਲ ਗੱਲਬਾਤ ਹੋਈ ਸੀ, ਜਿੱਥੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰੈਗੂਲਰ ਕਰਨ ਲਈ ਬਿੱਲ ਲਿਆਂਦਾ ਜਾਵੇਗਾ ਅਤੇ ਇਹ ਕਹਿ ਕੇ ਉਹ ਉੱਥੋਂ ਚਲੇ ਗਏ, ਜਦਕਿ ਉਨ੍ਹਾਂ ਕਿਹਾ ਕਿ ਇਸ ਵਿਰੁੱਧ ਅਗਲੀ 6 ਸਤੰਬਰ ਨੂੰ ਐੱਸ. ਪਟਿਆਲਾ ਵਿੱਚ ਪੰਜਾਬ ਸਰਕਾਰ ਵਿਰੁੱਧ PRTC ਦੀ ਵਰਕਸ਼ਾਪ ਅੱਗੇ ਧਰਨਾ ਦਿੱਤਾ ਜਾਵੇਗਾ।
ਕੱਚੇ ਕਾਮਿਆਂ ਵੱਲੋਂ 27, 28 ਅਤੇ 29 ਸਤੰਬਰ ਨੂੰ ਹੜਤਾਲ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨ੍ਹਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਬਟਾਲਾ ਲਈ ਰਵਾਨਾ ਹੋਇਆ ਵਿਸ਼ਾਲ ਨਗਰ ਕੀਰਤਨ