ਬਰਨਾਲਾ: ਪੰਜਾਬ ਅਤੇ ਚੰਡੀਗੜ੍ਹ ਯੂਟੀ ਦੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ ਯੂਟੀ ਮੁਲਾਜ਼ਮ ਸਾਂਝਾ ਫਰੰਟ ਬਣਾ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਜਥੇਬੰਦੀ ਦੀ ਅਗਵਾਈ ‘ਚ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ।
ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਲਗਾਤਾਰ ਦੂਜੇ ਦਿਨ ਵੀ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਕਰਕੇ ਸਰਕਾਰ ਪ੍ਰਤੀ ਆਪਣਾ ਰੋਸ ਜਤਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਅਤੇ ਯੂਟੀ ਦੇ ਮੁਲਾਜ਼ਮ ਸਰਕਾਰੀ ਵਿਭਾਗਾਂ ‘ਚ ਖਾਲੀ ਪਈਆਂ ਅਸਾਮੀਆਂ ਭਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੇ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ, ਮਿਡ ਡੇ ਮੀਲ, ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੇ ਮਾਣਭੱਤੇ ‘ਚ ਵਾਧਾ ਕਰਨ ਦੀ ਮੰਗ ਕਰਦੇ ਆ ਰਹੇ ਹਨ।
ਸਰਕਾਰ ਵੱਲੋਂ 28 ਫਰਵਰੀ ਤੱਕ ਇਹ ਮੰਗਾਂ ਮੰਨਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜਿਸ ਦੇ ਰੋਸ ਵਜੋਂ ਪੂਰੇ ਸੂਬੇ ‘ਚ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਕਰਕੇ ਰੋਸ ਜਤਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਬ ਸਰਕਾਰ ਦੇ ਬਜਟ ਤੋਂ ਵੀ ਮੁਲਾਜ਼ਮਾਂ ਨੂੰ ਕੋਈ ਉਮੀਦ ਨਹੀਂ ਦਿਖਾਈ ਦੇ ਰਹੀ। ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 8 ਮਾਰਚ ਨੂੰ ਸੂਬੇ ਭਰ ‘ਚ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਮੁਜ਼ਾਹਰੇ ਕਰਨਗੇ। ਇਸ ਤੋਂ ਇਲਾਵਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਸਰਕਾਰ ਦੇ ਨੁਮਾਇੰਦਿਆਂ ਦਾ ਵਿਰੋਧ ਕਰਨਗੇ।
ਇਹ ਵੀ ਪੜ੍ਹੋ:ਕੌਮੀ ਗ੍ਰੀਨਫ਼ੀਲਡ ਹਾਈਵੇ ਦੇ ਵਿਰੋਧ 'ਚ ਕਿਸਾਨਾਂ ਨੇ ਜ਼ਿਲ੍ਹਾ ਮਾਲ ਅਧਿਕਾਰੀ ਨੂੰ ਸੌਂਪਿਆ ਇਤਰਾਜ਼ ਪੱਤਰ