ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਸੋਮਵਾਰ ਨੂੰ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਵਕੀਲ ਰਾਜਦੇਵ ਸਿੰਘ ਖਾਲਸਾ ਨੂੰ ਸੰਗਰੂਰ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।
ਇਸ ਐਲਾਨ ਤੋਂ ਬਾਅਦ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਸੂਬੇ ਦੇ ਲੋਕ ਅਕਾਲੀ ਦਲ ਅਤੇ ਕਾਂਗਰਸ ਦੋਹਾਂ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਈ ਅਤੇ ਬਹਿਬਲ ਕਲਾਂ ਵਿੱਚ ਗੋਲੀ ਚਲਵਾਈ ਅਤੇ ਸਿੱਖਾਂ ਅਤੇ ਹੋਰ ਫ਼ਿਰਕਿਆਂ ਦੇ ਲੋਕਾਂ ਨੂੰ ਆਪਸ ਵਿੱਚ ਲੜਵਾਉਣ ਦੀ ਕੋਸ਼ਿਸ਼ ਕੀਤੀ। ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ।
ਇਸ ਤੋਂ ਇਲਾਵਾ ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਖਹਿਰਾ ਨੂੰ ਬੇਨਤੀ ਕੀਤੀ ਕਿ ਤੀਜੇ ਫ਼ਰੰਟ ਨੂੰ ਅਮਲੀ ਰੂਪ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦਾ ਪੰਜਾਬ ਡੈਮੋਕ੍ਰੇਟਿਕ ਐਲਾਇੰਸ ਨਾਲ ਗਠਜੋੜ ਨਾਲ ਹੁੰਦਾ ਹੈ ਤਾਂ ਉਹ ਪੰਜਾਬ ਵਿੱਚ 13 ਦੀਆਂ 13 ਸੀਟਾਂ 'ਤੇ ਜਿੱਤ ਹਾਸਲ ਕਰਨਗੇ।