ਬਰਨਾਲਾ: ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਅਤੇ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਘਰ ਲਿਆਉਣ ਲਈ ਕਾਰਜ ਕਰ ਰਹੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ. ਐਸ.ਪੀ. ਸਿੰਘ ਓਬਰਾਏ ਬਰਨਾਲਾ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲੜ ਰਹੇ ਕਿਸਾਨਾਂ ਦੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ।
ਡਾ. ਐਸਪੀ ਸਿੰਘ ਓਬਰਾਏ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਸਰਬੱਤ ਦਾ ਭਲਾ ਟਰੱਸਟ ਪਹਿਲੇ ਹੀ ਦਿਨ ਤੋਂ ਲੈ ਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਦਾ ਆ ਰਿਹਾ ਹੈ। ਕਿਸਾਨਾਂ ਨੂੰ ਖਾਣ ਲਈ ਰਾਸ਼ਨ, ਦਾਲਾਂ, ਪਾਣੀ, ਮੈਡੀਕਲ ਸਹੂਲਤ ਤੋਂ ਲੈ ਕੇ ਔਰਤਾਂ ਦੇ ਰਹਿਣ ਲਈ ਵਿਸ਼ੇਸ਼ ਟੈਂਟ ਤੱਕ ਦੇ ਪ੍ਰਬੰਧ ਕੀਤੇ ਗਏ ਹਨ। ਨਿਹੰਗ ਸਿੰਘਾਂ ਦੇ ਘੋੜਿਆਂ ਲਈ ਛੋਲੇ ਅਤੇ ਚਾਰੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਲਗਾਈ ਜਾ ਰਹੀ ਹੈ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਕਰਜ਼ਿਆਂ ਦੇ ਹੱਲ ਲਈ ਵੀ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬੇਹੱਦ ਨੁਕਸਾਨਦਾਇਕ ਹਨ, ਜਿਸ ਦਾ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਵਿਰੋਧ ਕਰ ਰਹੇ ਹਨ। ਕਿਸਾਨਾਂ ਦੀ ਇਸ ਦੁਰਦਸ਼ਾ ਲਈ ਸਿੱਧੇ ਤੌਰ 'ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ।
ਕਿਸਾਨਾਂ ਦੀ ਮਦਦ ਕਰਨ ਵਾਲੀਆਂ ਸੰਸਥਾਵਾਂ ਨੂੰ ਕੇਂਦਰ ਸਰਕਾਰ ਵੱਲੋਂ ਭੇਜੇ ਜਾ ਰਹੇ ਨੋਟਿਸਾਂ ਪ੍ਰਤੀ ਡਾ.ਐਸਪੀ ਸਿੰਘ ਓਬਰਾਏ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਕੋਈ ਨੋਟਿਸ ਭੇਜਦੀ ਹੈ ਤਾਂ ਉਹ ਸਰਕਾਰ ਦੇ ਹਰ ਨੋਟਿਸ ਦਾ ਜਵਾਬ ਦੇਣ ਲਈ ਤਿਆਰ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਇਹ ਕਾਨੂੰਨ ਜਲਦ ਤੋਂ ਜਲਦ ਰੱਦ ਕੀਤੇ ਜਾਣ ਤਾਂ ਕਿ ਕਿਸਾਨ ਆਪੋ ਆਪਣੇ ਘਰਾਂ ਨੂੰ ਜਲਦ ਪਰਤ ਸਕਣ।