ਬਰਨਾਲਾ: ਜ਼ਿਲ੍ਹੇ ਦੇ ਤਪਾ ਮੰਡੀ ਵਿਖੇ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਤਪਾ ਦੇ ਸ਼ਰਾਬ ਕਾਰੋਬਾਰੀ ਦੀ ਗੱਡੀ ਨੇ ਵਿਅਕਤੀ ਨੂੰ ਦਰੜ ਕੇ ਉਸ ਦਾ ਕਤਲ ਕੀਤਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਨਾ ਕਰਨ ਦੇ ਵਿਰੋਧ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਧਰਨਾ ਲਗਾ ਦਿੱਤਾ। ਇਸ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਤਪਾ ਦੇ ਸ਼ਰਾਬ ਦੇ ਠੇਕੇਦਾਰਾਂ ਨੇ ਫ਼ੋਨ ਕਰਕੇ ਉਨ੍ਹਾਂ ਦੇ ਭਰਾ ਨੂੰ ਸੜਕ ’ਤੇ ਬੁਲਾਇਆ ਅਤੇ ਕਿਹਾ ਕਿ ਨਜਾਇਜ਼ ਸ਼ਰਾਬ ਦੀ ਇੱਕ ਗੱਡੀ ਇਲਾਕੇ ਵਿੱਚ ਆਈ ਹੈ। ਉਸ ਤੋਂ ਬਾਅਦ ਉਨ੍ਹਾਂ ਦਾ ਭਰਾ ਕਾਰ ਲੈ ਕੇ ਦੋਸ਼ੀਆ ਵੱਲੋਂ ਦੱਸੇ ਪਤੇ ’ਤੇ ਚਲਾ ਗਿਆ, ਜਿੱਥੇ ਸ਼ਰਾਬ ਦੇ ਕਾਰੋਬਾਰੀਆਂ ਨੇ ਉਨ੍ਹਾਂ ਦੇ ਭਰਾ ਨੂੰ ਕਾਰ ਤੋਂ ਬਾਹਰ ਨਿਕਲਣ ਲਈ ਕਿਹਾ। ਕਾਰ ਵਿੱਚੋਂ ਨਿਕਲਦਿਆਂ ਹੀ ਉਸ 'ਤੇ ਕਾਰ ਚੜ੍ਹਾ ਕੇ ਉਸ ਦਾ ਕਤਲ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਨੇ ਮ੍ਰਿਤਕ ਨੂੰ 4 ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ ਕਾਬੂ ਕੀਤਾ ਸੀ। ਇਸੇ ਗੱਲ ਨੂੰ ਲੈ ਕੇ ਉਸ ਦੇ ਭਰਾ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2016 ਵਿੱਚ ਅਬੋਹਰ ਵਿੱਚ ਜਿਸ ਤਰ੍ਹਾਂ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਵੱਲੋਂ ਦਲਿਤ ਨੌਜਵਾਨ ਭੀਮ ਟਾਂਕ ਦਾ ਲੱਤਾਂ ਵੱਢ ਕੇ ਕਤਲ ਕੀਤਾ ਗਿਆ ਸੀ, ਉਸੇ ਤਰ੍ਹਾਂ ਅੱਜ ਉਹਨਾਂ ਦੇ ਦਲਿਤ ਭਰਾ ਦਾ ਕਤਲ ਹੋਇਆ ਹੈ।
ਇਹ ਵੀ ਪੜ੍ਹੋ: ਕੈਪਟਨ ਨੇ ਖੇਤੀ ਸਬੰਧੀ ਕੇਂਦਰੀ ਆਰਡੀਨੈਂਸਾਂ ਨੂੰ ਲੈ ਕੇ 24 ਜੂਨ ਨੂੰ ਸੱਦੀ ਸਰਬ ਪਾਰਟੀ ਮੀਟਿੰਗ
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਹਾਦਸਾ ਗ੍ਰਸਤ ਗੱਡੀ ਰਾਤ ਵੀ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਖੜੀ ਹੈ। ਪਰ ਪੁਲਿਸ ਨੇ ਅਜੇ ਤੱਕ ਉਸ ਨੂੰ ਆਪਣੇ ਕਬਜ਼ੇ ਵਿੱਚ ਨਹੀਂ ਲਿਆ। ਉਨ੍ਹਾਂ ਕਿਹਾ ਕਿ ਉਹ ਦਲਿਤ ਹਨ, ਇਸੇ ਕਾਰਨ ਉਨ੍ਹਾਂ ਨਾਲ ਪੁਲਿਸ ਵੱਲੋਂ ਧੱਕੇਸ਼ਾਹੀ ਕਰਕੇ ਕੋਈ ਗੱਲ ਨਹੀਂ ਸੁਣੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਵਿਰੁੱਧ ਧਾਰਾ 302 ਦੀ ਥਾਂ 304 ਦਾ ਕੇਸ ਦਰਜ ਕਰਕੇ ਨਾ-ਇਨਸਾਫ਼ੀ ਕੀਤੀ ਜਾ ਰਹੀ ਹੈ।
ਉਧਰ ਇਸ ਮਾਮਲੇ ਸਬੰਧੀ ਡੀਐਸਪੀ ਵਰਿੰਦਰਪਾਲ ਸਿੰਘ ਨੇ ਕਿਹਾ ਕਿ ਰਾਤ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇੱਕ ਜ਼ਖ਼ਮੀ ਹੈ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।