ਬਰਨਾਲਾ: ਜ਼ਿਲ੍ਹੇ ਦੀ ਟ੍ਰੈਫਿਕ ਪੁਲਿਸ ਅਤੇ ਕਾਲਜ ਵਿਦਿਆਰਥੀਆਂ ਵੱਲੋਂ ਸੜਕ ਸੁਰੱਖਿਆ ਹਫ਼ਤੇ ਤਹਿਤ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਟ੍ਰੈਫਿਕ ਪੁਲਿਸ ਵੱਲੋਂ 11 ਤੋਂ 17 ਜਨਵਰੀ ਤੱਕ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼ਹਿਰ ਦੇ ਐਲਬੀਐਸ ਕਾਲਜ ਦੇ ਵਿਦਿਆਰਥੀਆਂ ਨੇ ਸ਼ਹਿਰ ਦੇ ਸਰਕਾਰੀ ਹਸਪਤਾਲ ਨੇੜੇ ਲੋਕਾਂ ਨੂੰ ਰੋਕ ਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਿਨ੍ਹਾਂ ਹੈਲਮੇਟ ਤੋਂ ਮੋਟਰਸਾਈਕਲ ਜਾਂ ਸਕੂਟਰ ਚਲਾਉਣ ਵਾਲੇ ਰਾਹਗੀਰਾਂ ਨੂੰ ਵਿਦਿਆਰਥਣਾਂ ਨੇ ਹੈਲਮੇਟ ਪਾ ਕੇ ਡਰਾਈਵਿੰਗ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਗੱਡੀ ਚਾਲਕਾਂ ਨੂੰ ਵਿਦਿਆਰਥਣਾਂ ਵੱਲੋਂ ਡਰਾਈਵਿੰਗ ਕਰਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸਰਦਾਰਾ ਸਿੰਘ ਨੇ ਕਿਹਾ ਕਿ ਐੱਸਐੱਸਪੀ ਬਰਨਾਲਾ ਹਰਜੀਤ ਸਿੰਘ ਦੀ ਅਗਵਾਈ 'ਚ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਦੇ ਅਧੀਨ ਵੱਖ-ਵੱਖ ਪ੍ਰੋਗਰਾਮਾਂ ਤਹਿਤ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਕਾਲਜ ਵਿਦਿਆਰਥਣਾਂ ਦੇ ਨਾਲ ਮਿਲ ਕੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਹੈਲਮਟ ਅਤੇ ਸੀਟ ਬੈਲਟ ਦੀ ਵਰਤੋਂ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਹਫ਼ਤਾ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕਰਨਾ ਅਤੇ ਸੜਕ ਹਾਦਸਿਆਂ ਦੀ ਗਿਣਤੀ ਘੱਟ ਕਰਕੇ ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ ਕਰਨਾ ਹੈ।