ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਪੰਜਾਬ ਭਰ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਲਾਈਨਾਂ ਅਤੇ ਸੜਕੀ ਮਾਰਗ ਜਾਮ ਕਰਕੇ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਬਰਨਾਲਾ ਦੇ ਰੇਲਵੇ ਸਟੇਸ਼ਨ ਉੱਪਰ ਲੱਗੇ ਧਰਨੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਪਹੁੰਚੇ ਜਿੰਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕਿਸਾਨ ਪ੍ਰਦਰਸ਼ਨ ਖਰਾਬ ਮੌਸਮ ਦੇ ਬਾਵਜੂਦ ਵੀ ਕਾਮਯਾਬ ਰਿਹਾ ਹੈ। ਪੰਜਾਬ ਵਿੱਚ ਤਾਂ ਇਸ ਪ੍ਰਦਰਸ਼ਨ ਵਿੱਚ ਹਰ ਪਾਸੇ ਪੂਰਾ ਜ਼ੋਸ ਦੇਖਣ ਨੂੰ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਅੱਜ ਦਾ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚਿਆਂ ਦੀਆਂ ਰਹਿੰਦੀਆਂ ਮੰਗਾਂ ਲਖੀਮਪੁਰ ਖੀਰੀ ਘਟਨਾ ਦੇ ਇਨਸਾਫ ਲਈ ਕੇਂਦਰੀ ਮੰਤਰੀ ਉਪਰ ਪਰਚਾ ਦਰਜ ਕਰਨ ਦੇ ਨਾਲ ਨਾਲ ਉਸਨੂੰ ਬਰਖਾਸਤ ਕਰਨ, ਕਿਸਾਨਾਂ ਉੱਪਰ ਦਰਜ ਕੀਤੇ ਪਰਚੇ ਰੱਦ ਕਰਨ ਅਤੇ ਫ਼ਸਲਾਂ ਦੀ ਸਰਕਾਰੀ ਖਰੀਦ ਚਾਲੂ ਕਰਵਾਉਣ ਲਈ ਮੰਗ ਕੀਤੀ ਜਾ ਰਹੀ ਹੈ।
ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਰਕਾਰ ਨੇ ਇੱਕ ਐਮਐਸਪੀ ਦੀ ਕਮੇਟੀ ਬਣਾਈ ਹੈ, ਜਿਸਨੂੰ ਸੰਯੁਕਤ ਕਿਸਾਨ ਮੋਰਚੇ ਨੇ ਰੱਦ ਕਰ ਦਿੱਤਾ ਹੈ। ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਨੇ ਕਿਸੇ ਵੀ ਕਿਸਾਨ ਨੇਤਾ ਨੂੰ ਇਸ ਕਮੇਟੀ ਦਾ ਹਿੱਸਾ ਨਹੀਂ ਬਣਾਇਆ। ਘੱਟੋ ਘੱਟ ਪੰਜ ਮੈਂਬਰ ਕਿਸਾਨ ਆਗੂ, ਪੰਜ ਮੈਂਬਰ ਸਰਕਾਰ ਦੇ ਮੁਲਾਜ਼ਮ, ਪੰਜ ਮੈਂਬਰ ਖੇਤੀ ਮਾਹਰ ਪਾਉਣ ਲਈ ਕਿਹਾ ਸੀ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਕਮੇਟੀ ਚੇਅਰਮੈਨ ਕਿਸਾਨ ਵਿਰੋਧੀ ਰਿਹਾ ਹੈ। ਇਸ ਕਰਕੇ ਸੰਯੁਕਤ ਕਿਸਾਨ ਮੋਰਚਾ ਇਸ ਤੋਂ ਬਾਅਦ ਆਪਣੀ ਮੀਟਿੰਗ ਕਰਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ 17 ਅਗਸਤ ਨੂੰ ਲਖੀਮਪੁਰ ਖੀਰੀ ਵਿਖੇ ਜਿਸ ਜਗ੍ਹਾ ਕਿਸਾਨ ਸ਼ਹੀਦ ਕੀਤੇ ਹਨ, ਉਥੇ ਦੇਸ਼ ਭਰ ਦੇ ਕਿਸਾਨ ਇਨਸਾਫ਼ ਲਈ ਪਹੁੰਚਣਗੇ ਅਤੇ 70 ਘੰਟੇ ਲਗਾਤਾਰ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਦਾ ਟੋਲ ਪਲਾਜ਼ਾ ਤੇ ਰੇਲਵੇ ਸਟੇਸ਼ਨ ’ਤੇ ਜ਼ੋਰਦਾਰ ਰੋਸ ਮੁਜ਼ਾਹਰਾ