ਬਰਨਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ ਹੋਣ ਜਾ ਰਹੀ ਹੈ। ਇਸੇ ਦੇ ਚੱਲਦੇ ਬੀਤੇ ਦਿਨ ਬਰਨਾਲਾ ਜ਼ਿਲ੍ਹੇ ਦੇ ਅਕਾਲੀ ਐਸਜੀਪੀਸੀ ਮੈਂਬਰ ਸੰਤ ਬਾਬਾ ਬਲਵੀਰ ਸਿੰਘ ਘੁੰਨਸ ਵਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਬਗ਼ਾਵਤ ਦਾ ਝੰਡਾ ਚੁੱਕ ਲਿਆ ਹੈ ਅਤੇ ਬੀਬੀ ਜਗੀਰ ਕੌਰ ਦੇ ਸਮੱਰਥਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਨਾਲ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਵੀ ਹਾਜ਼ਰ ਸਨ, ਜਿਹਨਾਂ ਨੇ ਬਾਬਾ ਬਲਵੀਰ ਸਿੰਘ ਘੁੰਨਸ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਨੂੰ ਲੈ ਕੇ ਅੱਜ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸੇ ਕਿਸਮ ਦਾ ਪਛਤਾਵਾ ਨਹੀਂ ਕੀਤਾ। ਜਦਕਿ ਉਸ ਮੌਕੇ ਅਕਾਲੀ ਦਲ ਦੀ ਸਰਕਾਰ ਹੋਣ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਸਿੱਖ ਪੰਥ ਤੋਂ ਮੁਆਫੀ ਮੰਗਣੀ ਚਾਹੀਦੀ ਸੀ।
ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾ ਸਕੇ, ਜਿਸ ਕਰਕੇ ਉਨ੍ਹਾਂ ਨੂੰ ਆਪਣੇ ਅਹੁਦੇ ਨੂੰ ਤਿਆਗ ਦੇਣਾ ਚਾਹੀਦਾ ਸੀ। ਜਿਸ ਕਰਕੇ ਉਹ ਅਤੇ ਸੰਤ ਬਲਵੀਰ ਸਿੰਘ ਘੁੰਨਸ ਭਲਕੇ ਐਸਜੀਪੀਸੀ ਪ੍ਰਧਾਨ ਦੀ ਹੋਣ ਵਾਲੀ ਚੋਣ ਵਿੱਚ ਬੀਬੀ ਜਗੀਰ ਕੌਰ ਦੀ ਮਦਦ ਕਰਨਗੇ।
ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ ਸਾਰ ਉਹ ਇਹ ਵੀ ਆਸ ਕਰਦੇ ਹਨ ਕਿ ਬੀਬੀ ਜਗੀਰ ਕੌਰ ਸਿੱਖ ਪੰਥ ਮੁਆਫ਼ੀ ਮੰਗਣ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮੌਕੇ ਅਕਾਲੀ ਦਲ ਦੀ ਸਰਕਾਰ ਸੀ ਅਤੇ ਅਕਾਲੀ ਦਲ ਦੀ ਸਰਕਾਰ ਹੋਣ ਦੇ ਬਾਵਜੂਦ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਬਣਦਾ ਰੋਲ ਅਦਾ ਨਹੀਂ ਕਰ ਸਕੇ। ਉਹਨਾਂ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਬੀਬੀ ਜਗੀਰ ਕੌਰ ਦੇ ਕੀਤੇ ਜਾ ਰਹੇ ਸਮਰਥਨ ਦਾ ਸਵਾਗਤ ਕੀਤਾ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਸਮੇਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪਾਰਟੀ ਵਿੱਚ ਅਨੁਸ਼ਾਸ਼ਨ ਨਾਂ ਦੀ ਕੋਈ ਚੀਜ਼ ਹੀ ਨਹੀ ਹੈ, ਸਿਰਫ ਡਿਕਟੇਟਰਸ਼ਿਪ ਹੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਅਸੀਂ ਨਾ ਹੀ ਛੱਡਿਆ ਹੈ ਅਤੇ ਨਾ ਹੀ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਏ ਹਾਂ। ਅਕਾਲੀ ਦਲ ਸੁਖਬੀਰ ਬਾਦਲ ਨੂੰ ਨਾਨਕਸ਼ੱਕ ਵਿੱਚ ਨਹੀਂ ਮਿਲਿਆ। ਜਦਕਿ ਸ਼੍ਰੋਮਣੀ ਅਕਾਲੀ ਦਲ ਦਾ ਕੁਰਬਾਨੀਆਂ ਵਾਲਾ ਇਤਿਹਾਸ ਹੈ। ਇਸ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਹੁਣ ਪੰਜਾਬ ਅਤੇ ਸਿੱਖ ਕੌਮ ਦੀ ਅਵਾਜ਼ ਨੂੰ ਸੋਧੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ।
ਇਹ ਵੀ ਪੜੋ: SGPC ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ, ਦੁਪਹਿਰ ਨੂੰ ਹੋਵੇਗੀ ਚੋਣ ਪ੍ਰਕਿਰਿਆ ਸ਼ੁਰੂ