ਬਰਨਾਲਾ: ਜ਼ਿਲ੍ਹੇ ਵਿੱਚ ਇਨਸਾਨੀਅਤ ਇੱਕ ਵਾਰ ਫਿਰ ਸ਼ਰਮਸਾਰ ਹੋਈ ਹੈ। ਪਿੰਡ ਸੁਖਪੁਰਾ ਮੌੜ ਵਿਖੇ ਇੱਕ ਦਿਉਰ ਵੱਲੋਂ ਆਪਣੀ 65 ਸਾਲਾ ਬਜ਼ੁਰਗ ਭਾਬੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਔਰਤ ਦੇ ਬਿਆਨ ਦਰਜ ਕਰਕੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸ਼ਹਿਣਾ ਦੇ ਐਸਐਚਓ ਅਜਾਇਬ ਸਿੰਘ ਨੇ ਦੱਸਿਆ ਕਿ ਪਿੰਡ ਸੁਖਪੁਰਾ ਮੌੜ ਵਿਖੇ ਇੱਕ 65 ਸਾਲਾ ਬਜ਼ੁਰਗ ਨਾਲ ਜਬਰ ਜਨਾਹ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਪੀੜਤ ਦੇ ਬਿਆਨ ਦੇ ਅਧਾਰ 'ਤੇ ਉਸ ਦੇ ਦਿਉਰ ਸਣੇ ਤਿੰਨ ਹੋਰ ਲੋਕਾਂ 'ਤੇ ਪਰਚਾ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਲਈ ਉੱਚ ਅਧਿਕਾਰੀਆਂ ਵੱਲੋਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ।
ਇਨਵੈਸਟੀਗੇਸ਼ਨ ਟੀਮ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਰਿਪੋਰਟ ਐੱਸਐੱਸਪੀ ਬਰਨਾਲਾ ਨੂੰ ਸੌਂਪ ਦਿੱਤੀ ਹੈ। ਇਸ ਤੋਂ ਬਾਅਦ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਮੁਖ ਦੋਸ਼ੀ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ 'ਚ ਪੀੜਤ ਮਹਿਲਾ ਦਾ ਦਿਉਰ ਲਵਪ੍ਰੀਤ ਸਿੰਘ ਮੁਖ ਮੁਲਜ਼ਮ ਪਾਇਆ ਗਿਆ ਹੈ ਤੇ ਉਸ ਦੇ ਖਿਲਾਫ ਕੋਰਟ 'ਚ ਚਲਾਨ ਪੇਸ਼ ਕੀਤਾ ਗਿਆ ਹੈ।