ਬਰਨਾਲਾ: ਕਾਂਗਰਸ ਪਾਰਟੀ ਦੇ ਸੂਬੇ ਵਿੱਚ ਗ਼ਰੀਬਾਂ ਦੀਆਂ ਲੋਕ ਭਲਾਈ ਸਕੀਮਾਂ ਬੰਦ ਕੀਤੇ ਜਾਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ 18 ਅਗਸਤ ਨੂੰ ਹਰ ਪਿੰਡ, ਗਲੀ, ਮੁਹੱਲੇ ਅਤੇ ਸ਼ਹਿਰ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ। ਇਨ੍ਹਾਂ ਪ੍ਰਦਰਸ਼ਨਾਂ ਨੂੰ ਲੈ ਕੇ ਦਿਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਬਰਨਾਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸੀਨੀਅਰ ਅਕਾਲੀ ਆਗੂ ਦਰਬਾਰਾ ਸਿੰਘ ਗੁਰੂ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।
ਗੱਲਬਾਤ ਕਰਦਿਆਂ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿੱਚ ਵੱਡੇ ਪੱਧਰ 'ਤੇ ਐਸ.ਸੀ. ਭਾਈਚਾਰੇ ਅਤੇ ਗਰੀਬ ਲੋਕਾਂ ਲਈ ਲੋਕ ਭਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਸੀ। ਪਰ ਕਾਂਗਰਸ ਪਾਰਟੀ ਨੇ ਸੱਤਾ ਵਿੱਚ ਆਉਂਦਿਆਂ ਹੀ ਇਨ੍ਹਾਂ ਸਾਰੀਆਂ ਲੋਕ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ ਹੈ। ਜਿਸ ਕਾਰਨ ਗ਼ਰੀਬ ਲੋਕਾਂ ਅਤੇ ਐਸੀ ਭਾਈਚਾਰੇ ਨੂੰ ਵੱਡੇ ਪੱਧਰ 'ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੱਛੜੇ ਵਰਗ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ ਦੇ ਪੈਸੇ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿੱਚ ਸਮੇਂ ਸਿਰ ਮਿਲ ਜਾਂਦੇ ਸਨ। ਜਿਸ ਕਾਰਨ ਐਸ.ਸੀ. ਬੱਚਿਆਂ ਨੂੰ ਉਚੇਰੀਆਂ ਪੜ੍ਹਾਈਆਂ ਕਰਨ ਵਿੱਚ ਕਦੇ ਵੀ ਦਿੱਕਤ ਨਹੀਂ ਆਈ। ਪਰ ਕਾਂਗਰਸ ਰਾਜ ਵਿੱਚ ਐਸੀ ਬੱਚਿਆਂ ਦੇ ਸਕਾਲਰਸ਼ਿਪ ਤੇ ਵਜ਼ੀਫ਼ੇ ਰੋਕ ਦਿੱਤੇ ਗਏ ਹਨ। ਜਿਸ ਕਾਰਨ ਐਸਸੀ ਵਿਦਿਆਰਥੀ ਉਚੇਰੀਆਂ ਪੜ੍ਹਾਈਆਂ ਕਰਨ ਤੋਂ ਵਾਂਝੇ ਰਹਿ ਗਏ ਹਨ।
ਇਸੇ ਤਰ੍ਹਾਂ ਵਿਧਵਾ, ਬੁਢਾਪਾ ਅਤੇ ਔਰਤਾਂ ਨੂੰ ਪੈਨਸ਼ਨਾਂ ਅਕਾਲੀ ਰਾਜ ਵਿੱਚ ਲਗਾਈਆਂ ਗਈਆਂ ਸਨ, ਪਰ ਕਾਂਗਰਸ ਸਰਕਾਰ ਵਿੱਚ ਇਨ੍ਹਾਂ ਲੋੜਵੰਦ ਲੋਕਾਂ ਦੀਆਂ ਵੱਡੇ ਪੱਧਰ 'ਤੇ ਪੈਨਸ਼ਨਾਂ ਕੱਟ ਕੇ ਉਨ੍ਹਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਬੱਚੀਆਂ ਨੂੰ ਸ਼ਗਨ ਸਕੀਮ ਦੀ ਰਾਸ਼ੀ ਦੇ ਕੇ ਉਨ੍ਹਾਂ ਦੀ ਮਦਦ ਕੀਤੀ ਜਾਂਦੀ ਸੀ। ਪਰ ਕੈਪਟਨ ਰਾਜ ਵਿੱਚ ਵਿਆਹੁਤਾ ਕੁੜੀਆਂ ਕੋਲ ਬੱਚੇ ਵੀ ਹੋ ਗਏ ਹਨ ਪਰ ਉਨ੍ਹਾਂ ਨੂੰ ਸ਼ਗਨ ਸਕੀਮ ਦੀ ਰਾਸ਼ੀ ਨਹੀਂ ਦਿੱਤੀ ਜਾ ਰਹੀ।
ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਇਸੇ ਤਰ੍ਹਾਂ ਦੀਆਂ ਹੋਰ ਵੀ ਲੋਕ ਭਲਾਈ ਸਕੀਮਾਂ ਨੂੰ ਕੈਪਟਨ ਸਰਕਾਰ ਨੇ ਬੰਦ ਕਰ ਦਿੱਤਾ ਹੈ। ਜਿਸ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ 18 ਅਗਸਤ ਨੂੰ ਪੂਰੇ ਸੂਬੇ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਵੀ ਅਕਾਲੀ ਵਰਕਰਾਂ ਤੇ ਆਗੂਆਂ ਦੀਆਂ ਰੋਸ ਪ੍ਰਦਰਸ਼ਨ ਕਰਨ ਲਈ ਡਿਊਟੀਆਂ ਲਗਾਈਆਂ ਗਈ ਹਨ।