ਬਰਨਾਲਾ: ਸੋਮਵਾਰ ਤੋਂ ਦੇਸ਼ ਵਿੱਚ ਲੌਕਡਾਊਨ ਦਾ ਚੌਥਾ ਪੜਾਅ ਸ਼ੁਰੂ ਹੋ ਗਿਆ ਹੈ। ਪੰਜਾਬ ਵਿੱਚ ਵੀ ਸੂਬਾ ਸਰਕਾਰ ਨੇ ਕਰਫਿਊ ਹਟਾ ਕੇ ਲੌਕਡਾਊਨ ਲਾਗੂ ਕਰ ਦਿੱਤਾ ਹੈ ਅਤੇ ਬਾਜ਼ਾਰਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਬਾਵਜੂਦ ਦੁਕਾਨਦਾਰਾਂ ਵਿੱਚ ਨਿਰਾਸ਼ਾ ਨਜ਼ਰ ਆ ਰਹੀ ਹੈ।
ਬਰਨਾਲਾ ਸ਼ਹਿਰ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਭਾਵੇਂ ਸਰਕਾਰ ਲੌਕਡਾਊਨ ਦੇ ਨਿਯਮਾਂ ਵਿੱਚ ਢਿੱਲ ਦੇਣ ਮਗਰੋਂ ਉਨ੍ਹਾਂ ਨੂੰ ਪੜਾਅਵਾਰ ਤਰੀਕੇ ਨਾਲ ਦੁਕਾਨਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ ਪਰ ਲੇਬਰ ਦੀ ਘਾਟ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗ੍ਰਾਹਕਾਂ ਵਿੱਚ ਵੀ ਕਮੀ ਆਈ ਹੈ ਜਿਸ ਨਾਲ ਉਨ੍ਹਾਂ ਦੇ ਖ਼ਰਚੇ ਵੀ ਪੂਰੇ ਨਹੀਂ ਹੋ ਰਹੇ।
ਦੱਸਣਯੋਗ ਹੈ ਕਿ ਬਰਨਾਲਾ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਹੁਣ ਤੱਕ 21 ਮਾਮਲੇ ਸਾਹਮਣੇ ਆਏ ਸਨ। ਇਨ੍ਹਾਂ ਵਿੱਚੋਂ 19 ਮਰੀਜ਼ਾਂ ਨੂੰ ਬੀਤੇ ਦਿਨੀਂ ਛੁੱਟੀ ਦੇ ਦਿੱਤੀ ਗਈ।