ਬਰਨਾਲਾ: ਨਸ਼ਾ ਤਸਕਰੀ ਮਾਮਲੇ 'ਚ ਬਰਨਾਲਾ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਨਸ਼ਾ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਖ਼ਾਸ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਉਸ ਦੀ ਮਹਿਲਾ ਸਾਥੀ ਨਾਲ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਐਸਆਈ ਜਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਨਸ਼ਾ ਤਸਕਰਾਂ ਬਾਰੇ ਗੁਪਤ ਸੂਚਨਾ ਮਿਲੀ ਸੀ। ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਨਾਕਾਬੰਦੀ ਕਰਕੇ ਨਸ਼ਾ ਤਸਕਰ ਤੇ ਉਸ ਦੀ ਮਹਿਲਾ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਮੌਕੇ ਤੋਂ ਇੱਕ ਕਾਰ,1 ਕਿੱਲੋ ਅਫ਼ੀਮ ਤੇ 7 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਅਫ਼ੀਮ ਦੀ ਕੀਮਤ ਕੌਮਾਂਤਰੀ ਬਾਜ਼ਾਰ 'ਚ 3 ਲੱਖ ਰੁਪਏ ਦੱਸੀ ਜਾ ਰਹੀ ਹੈ।
ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰਾਕੇਸ਼ ਕੁਮਾਰ ਤੇ ਕਿਰਨਪ੍ਰੀਤ ਕੌਰ ਵਜੋਂ ਹੋਈ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਦੋਵੇਂ ਮੁਲਜ਼ਮ ਬੇਰੁਜ਼ਗਾਰੀ ਦੇ ਚਲਦੇ ਨਸ਼ਾ ਤਸਕਰੀ ਦਾ ਕੰਮ ਕਰਨ ਲੱਗ ਪਏ ਸਨ। ਉਹ ਅਕਸਰ ਹੀ ਹੋਰਨਾਂ ਸੂਬਿਆਂ ਤੋਂ ਨਸ਼ੀਲੇ ਪਦਾਰਥ ਲਿਆ ਕੇ ਸ਼ਹਿਰ 'ਚ ਸਪਲਾਈ ਕਰਦੇ ਸਨ।
ਹੋਰ ਪੜ੍ਹੋ : ਪੰਜਾਬ 'ਚ ਅਨਾਜ ਦੀ ਸਟੋਰੇਜ ਵਧਾਉਣ ਲਈ ਤਿਆਰ ਕੀਤੇ ਜਾਣਗੇ 31 ਸਾਈਲੋ : ਦਾਦਾਰਾਓ ਦਾਨਵੇ
ਪੁਲਿਸ ਵੱਲੋਂ ਮੁਲਜ਼ਮਾਂ ਦੇ ਵਿਰੁੱਧ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।