ਬਰਨਾਲਾ: ਜ਼ਿਲ੍ਹਾ ਬਰਨਾਲਾ ਵਿੱਚ ਮਿਉਸਿਪਲ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸਐਸਪੀ ਸੰਦੀਪ ਗੋਇਲ ਦੀ ਅਗਵਾਈ ’ਚ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਸਹਾਇਕ ਕਮਿਸ਼ਨਰ (ਆਬਕਾਰੀ) ਚੰਦਰ ਮਹਿਤਾ ਵੱਲੋਂ ਬਾਹਰਲੇ ਰਾਜਾਂ ਤੋਂ ਸਮੱਗਲ ਹੋ ਕੇ ਚੋਣ ਖੇਤਰਾਂ ਬਰਨਾਲਾ, ਤਾਪਾ, ਧਨੌਲਾ, ਭਦੌੜ ਵਿਚ ਸ਼ਰਾਬ ਲਿਆਉਣ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ।
ਸਹਾਇਕ ਕਮਿਸ਼ਨਰ (ਆਬਕਾਰੀ) ਚੰਦਰ ਮਹਿਤਾ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਆਬਕਾਰੀ ਵਿਭਾਗ ਵੱਲੋਂ ਜ਼ਿਲੇ ਦੇ ਠੇਕਿਆਂ ’ਤੇ ਪਏ ਸ਼ਰਾਬ ਸਟਾਕ ਦੀ ਚੈਕਿੰਗ ਦੇ ਨਾਲ ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਵੇਚੀ ਜਾ ਰਹੀ ਸ਼ਰਾਬ ਦੀ ਗੁਣਵੱਤਾ ਆਬਕਾਰੀ ਵਿਭਾਗ ਵੱਲੋਂ ਨਿਰਧਾਰਿਤ ਮਾਪਦੰਡਾਂ ਨੂੰ ਪੂਰਾ ਕਰਦੀ ਹੋਵੇ ਅਤੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਆਬਕਾਰੀ ਵਿਭਾਗ ਦੇ ਮੁੱਖ ਦਫ਼ਤਰ ਵੱਲੋਂ, ਪੰਜਾਬ ਰਾਜ ਚੋਣ ਕਮਿਸ਼ਨ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਨਾ ਹੋਵੇ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਚੈਕਿੰਗ ਜਾਰੀ ਹੈ। ਇਕ ਮਹੀਨੇ ਦੌਰਾਨ ਜ਼ਿਲਾ ਬਰਨਾਲਾ ਵਿਚ 19 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਦੌਰਾਨ 675 ਬੋਤਲਾਂ ਸ਼ਰਾਬ ਅਤੇ 80 ਲੀਟਰ ਲਾਹਨ ਬਰਾਮਦ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਆਖਿਆ ਕਿ ਮਿਉਸਿਪਲ ਚੋਣਾਂ ਦੇ ਮੱਦੇਨਜ਼ਰ 14 ਫਰਵਰੀ ਅਤੇ 17 ਫਰਵਰੀ ਨੂੰ ਡਰਾਈ ਡੇਅ ਐਲਾਨੇ ਗਏ ਹਨ। ਇਸ ਦੌਰਾਨ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਹੋਰ ਜਨਤਕ ਥਾਵਾਂ ’ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇਗੀ। ਉਨਾਂ ਜ਼ਿਲੇ ਦੇ ਵੋਟਰਾਂ ਨੂੰ ਇਮਾਨਦਾਰੀ ਨਾਲ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਉਮੀਦਵਾਰਾਂ ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਅਪੀਲ ਕੀਤੀ। ਉਨਾਂ ਆਖਿਆ ਕਿ ਉਲੰਘਣਾ ਕਰਨ ਵਾਲੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।