ਬਰਨਾਲਾ: ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਪੰਜਾਬ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਬਰਨਾਲਾ ਵਿੱਚ ਵੀ ਰੇਲਵੇ ਲਾਈਨਾਂ ਅਤੇ ਟੋਲ ਪਲਾਜ਼ਿਆਂ ਉੱਤੇ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ। ਕਿਸਾਨਾਂ ਦੇ ਇਨ੍ਹਾਂ ਧਰਨਿਆਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਐਸਐਸਪੀ ਬਰਨਾਲਾ ਸੰਦੀਪ ਗੋਇਲ ਖ਼ੁਦ ਕਿਸਾਨੀ ਧਰਨਿਆਂ ਵਾਲੀ ਜਗ੍ਹਾ 'ਤੇ ਪਹੁੰਚੇ।
ਐੱਸ.ਐੱਸ.ਪੀ. ਬਰਨਾਲਾ ਸੰਦੀਪ ਗੋਇਲ ਨੇ ਕਿਹਾ ਕਿ ਕਿਸਾਨੀ ਸੰਘਰਸ਼ਾਂ ਨੂੰ ਲੈ ਕੇ ਲਗਾਤਾਰ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸੁਰੱਖਿਆ ਪ੍ਰਬੰਧ ਦਾ ਜਾਇਜਾ ਲੈਣ ਲਈ ਆਪਣੀ ਡਿਊਟੀ ਸਮਝਦਿਆਂ ਅੱਜ ਕਿਸਾਨਾਂ ਦੇ ਸੰਘਰਸ਼ਾਂ ਵਾਲੀ ਜਗ੍ਹਾ ਦਾ ਮੌਕਾ ਦੇਖਿਆ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਵੀ ਪੁਲਿਸ ਪ੍ਰਸ਼ਾਸਨ ਨੂੰ ਹਰ ਪੱਖ ਤੋਂ ਡੱਟਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਹਰ ਤਰ੍ਹਾਂ ਦੇ ਟਰੈਫਿਕ ਨੂੰ ਕੰਟਰੋਲ ਵਿੱਚ ਕਰਨ ਲਈ ਕਿਸਾਨ ਜਥੇ ਬੱਲਿਆਂ ਵੱਲੋਂ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ। ਪਿਛਲੇ ਦਿਨਾਂ ਦੌਰਾਨ ਵੀ ਕਿਸਾਨਾਂ ਵੱਲੋਂ ਆਪਣੇ ਚੱਲ ਰਹੇ ਸੰਘਰਸ਼ ਤਹਿਤ ਅਮਨ ਸ਼ਾਂਤੀ ਨਾਲ ਆਪਣੇ ਪ੍ਰਦਰਸ਼ਨ ਕੀਤੇ ਗਏ। ਹੁਣ ਵੀ ਕਿਸਾਨ ਜਥੇਬੰਦੀਆਂ ਵੱਲੋਂ ਅਮਨ ਸ਼ਾਂਤੀ ਬਣਾਏ ਰੱਖਣ ਦੀ ਗੱਲ ਆਖੀ ਜਾ ਰਹੀ ਹੈ।
ਐੱਸ.ਐੱਸ.ਪੀ. ਬਰਨਾਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ। ਜਿਸ ਕਰਕੇ ਇਸ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਮਾਸਕ ਵਗੈਰਾ ਦਾ ਖ਼ਾਸ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਹੁਣ ਤੱਕ ਦੇ ਸ਼ਾਂਤਮਈ ਸੰਘਰਸ਼ਾਂ ਉੱਤੇ ਸੰਤੁਸ਼ਟੀ ਪ੍ਰਗਟਾਈ ਹੈ।